ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। 3 ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਪੰਜਾਬ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ ਤਾਂ ਪੰਜਾਬ ਸਰਕਾਰ ਵਲੋਂ ਇਸ ਮਾਮਲੇ 'ਚ SIT ਦਾ ਪੁਨਰਗਠਨ ਕੀਤਾ ਗਿਆ ਹੈ। ਆਈ.ਜੀ ਜਸਕਰਨ ਸਿੰਘ ਦੀ ਅਗਵਾਈ 'ਚ ਬਣਾਈ ਗਈ SIT ਵਿੱਚ ਏ.ਜੀ.ਟੀ.ਐਫ (AGTF) ਦੇ ਏ.ਆਈ.ਜੀ (AIG) ਗੁਰਮੀਤ ਸਿੰਘ ਚੌਹਾਨ ਸਮੇਤ ਮਾਨਸਾ ਦੇ ਐਸ.ਐਸ.ਪੀ, ਐਸ.ਪੀ, ਐਸ.ਡੀ.ਪੀ ਬਠਿੰਡਾ, ਸਮੇਤ ਸੀ.ਆਈ.ਏ ਸਟਾਫ ਮਾਨਸਾ ਨੂੰ ਵੀ ਐਸ.ਆਈ.ਟੀ ਵਿਚ ਸ਼ਾਮਲ ਕੀਤਾ ਗਿਆ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਬੁੱਧਵਾਰ ਨੂੰ ਏ.ਡੀ.ਜੀ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਮਜ਼ਬੂਤ ਅਤੇ ਪੁਨਰਗਠਨ ਕੀਤਾ ਹੈ।
ਹੁਣ, ਛੇ ਮੈਂਬਰੀ ਐਸ.ਆਈ.ਟੀ. ਵਿੱਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਪੀ.ਏ.ਪੀ. ਜਸਕਰਨ ਸਿੰਘ ਅਤੇ ਦੋ ਨਵੇਂ ਮੈਂਬਰਾਂ ਵਿੱਚ ਏ.ਆਈ.ਜੀ. ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਐਸ.ਐਸ.ਪੀ. ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ। ਜਦਕਿ ਐਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ ਤਿੰਨ ਮੈਂਬਰ ਹਨ।