ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ (Sharp Shooter Deepak Mundi arrested ) ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਜੁਆਇੰਟ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਵਿੱਚ ਦੀਪਕ ਮੁੰਡੀ ਸਣੇ ਤਿੰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਸਬੰਧੀ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਕੇਂਦਰੀ ਏਜੰਸੀ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੱਛਮੀ ਬੰਗਾਲ ਦੀ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੀਪਕ ਮੁੰਡੀ ਦੇ ਨਾਲ-ਨਾਲ ਉਸ ਦੇ ਦੋ ਸਾਥੀ ਕਪਿਲ ਅਤੇ ਰਾਜੇਂਦਰ ਨੂੰ ਵੀ ਪੱਛਮੀ ਬੰਗਾਲ ਦੇ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਜੰਗ ਵਿੱਚ ਵੱਡੀ ਜਿੱਤ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਪੁਲਿਸ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਭਲਕੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿੱਥੇ ਪੁਲਿਸ ਵੱਲੋਂ ਅਦਾਲਤ ਕੋਲੋਂ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਦੀਪਕ ਮੁੰਡੀ ਪਿਛਲੇ ਚਾਰ ਮਹੀਨਿਆਂ ਤੋਂ ਫਰਾਰ ਸੀ। ਮੁੰਡੀ ਪਹਿਲਾਂ ਸਰਹੱਦੀ ਖੇਤਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਸਰਗਰਮ ਹੋ ਗਈਆਂ। ਮੂਸੇਵਾਲਾ ਕਤਲ ਕਾਂਡ ਵਿੱਚ ਬੋਲੈਰੋ ਅਤੇ ਕੋਰੋਲਾ ਕਾਰਾਂ ਦੀ ਵਰਤੋਂ ਕੀਤੀ ਗਈ ਸੀ। ਦੀਪਕ ਮੁੰਡੀ ਬੋਲੇਰੋ ਮਾਡਿਊਲ ਦਾ ਹਿੱਸਾ ਸੀ, ਜਿਸ ਦੀ ਅਗਵਾਈ ਹਰਿਆਣਾ ਦੇ ਨਿਸ਼ਾਨੇਬਾਜ਼ ਪ੍ਰਿਆਵਰਤ ਫੌਜੀ ਕਰ ਰਿਹਾ ਸੀ। ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਉਸ ਦੇ ਨਾਲ ਸੀ। ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਚਾਰੋਂ ਗੁਜਰਾਤ ਭੱਜ ਗਏ। ਉਥੋਂ ਅੰਕਿਤ ਸੇਰਸਾ ਅਤੇ ਮੁੰਡੀ ਕਿਸੇ ਹੋਰ ਥਾਂ ਭੱਜ ਗਏ। ਇਸ ਤੋਂ ਬਾਅਦ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ। ਉਦੋਂ ਤੱਕ ਮੁੰਡੀ ਉਥੋਂ ਭੱਜ ਚੁੱਕਾ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਢਹਿ ਗਿਆ ਅਕਾਲੀ ਸਿਆਸਤ ਤੇ ਧਰਮ ਦਾ ਥੰਮ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਵਤਾਰ ਸਿੰਘ ਹਿੱਤ