ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਕੀਤੀ ਜਾਵੇਗੀ। ਦੱਸ ਦਈਏ ਕਿ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਅਨਾਜ ਮੰਡੀ ਵਿਖੇ ਕੀਤੀ ਜਾਵੇਗੀ, ਜਿੱਥੇ ਕਈ ਸਿਆਸੀ ਆਗੂ, ਕਲਾਕਾਰ ਤੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣ ਦੀ ਉਮੀਦ ਹੈ।
ਭਾਰੀ ਪੁਲਿਸ ਫੋਰਸ ਤਾਇਨਾਤ:ਭੋਗ ਤੋਂ ਪਹਿਲਾਂ ਅਨਾਜ ਮੰਡੀ ਦੇ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰੀ ਤਾਦਾਦ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਰਕਿੰਗ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਿੱਧੂ ਮੂਸੇਵਾਲੇ ਦੀ ਅੰਤਿਮ ਅਰਦਾਸ ਦੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਰਾਜਨੀਤਕ, ਧਾਰਮਿਕ, ਸਮਾਜਿਕ, ਪਰਿਵਾਰਕ ਅਤੇ ਰਿਸ਼ਤੇਦਾਰ ਸ਼ਾਮਿਲ ਹੋਣਗੇ।
ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਦੇ ਲਈ ਵੀ ਇੱਕ ਯੋਜਨਾ ਬਣਾਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਦੇ ਰੂਟ ਪਲਾਨ ਜਾਰੀ ਕੀਤਾ ਗਿਆ ਤਾਂ ਕਿ ਦੂਰੋ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।