ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਮੁਖੀ ਬਣਾਏ ਜਾਣ ਤੋਂ ਬਾਅਦ ਵੀ ਉਨ੍ਹਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਾਲੇ ਰਿਸ਼ਤੇ ਮੁੜ ਲੀਹ ‘ਤੇ ਪੈਣ ਵਾਲੇ ਨਹੀਂ ਜਾਪਦੇ ਹਨ। ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਕਿ ਸਿੱਧੂ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਮੰਗਿਆ ਸੀ।
ਮੁੱਖ ਮੰਤਰੀ ਦੀ ਤਰਫੋਂ ਇਹ ਵੀ ਕਿਹਾ ਗਿਆ ਸੀ ਕਿ ਜਦੋਂ ਤੱਕ ਸਿੱਧੂ ਸ਼ੋਸ਼ਲ ਮੀਡੀਆ 'ਤੇ ਉਨ੍ਹਾਂ ਖਿਲਾਫ ਕੀਤੀ ਗਈ ਅਪਮਾਨਜਨਕ ਟਿੱਪਣੀ ਲਈ ਜਨਤਕ ਤੌਰ 'ਤੇ ਮੁਆਫੀ ਨਹੀਂ ਮੰਗਦੇ, ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲਣਗੇ।
ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠਕਰਾਲ ਨੇ ਟਵੀਟ ਕੀਤਾ, “ਇਹ ਖਬਰਾਂ ਪੂਰੀ ਤਰ੍ਹਾਂ ਝੂਠੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ। ਮੁੱਖ ਮੰਤਰੀ ਦੇ ਸਟੈਂਡ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਹ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ 'ਤੇ ਉਨ੍ਹਾਂ ਖਿਲਾਫ ਕੀਤੀ ਗਈ ਅਪਮਾਨਜਨਕ ਟਿੱਪਣੀ ਲਈ ਜਨਤਕ ਤੌਰ 'ਤੇ ਮੁਆਫੀ ਨਹੀਂ ਮੰਗਦੇ।
ਇਸ ਤੋਂ ਪਹਿਲਾਂ, ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਸਿੱਧੂ ਨਾਲ ਕਿਸੇ ਵੀ ਨਿਜੀ ਮੁਲਾਕਾਤ ਨੂੰ ਉਦੋਂ ਤੱਕ ਰੱਦ ਕਰ ਦਿੱਤਾ ਸੀ ਜਦੋਂ ਤੱਕ ਸਿੱਧੂ ਅਤੇ ਕੈਪਟਨ ਵਿਚਾਲੇ ਮਤਭੇਦ ਸੁਲਝ ਨਹੀਂ ਜਾਂਦੇ।
ਮਹਿੰਦਰਾ ਨੇ ਇਹ ਗੱਲ ਉਸ ਦਿਨ ਕਹੀ ਜਦੋਂ ਸਿੱਧੂ ਅੰਮ੍ਰਿਤਸਰ ਗਏ ਸਨ, ਜਿਥੇ ਉਨ੍ਹਾਂ ਦੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕਿਸੇ ਮੰਤਰੀ ਵੱਲੋਂ ਇਹ ਟਿੱਪਣੀ ਕੀਤੀ ਗਈ, ਜਿਸ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਕਾਂਗਰਸ ਵਿਚ ਸੰਕਟ ਅਜੇ ਖ਼ਤਮ ਨਹੀਂ ਹੋਇਆ ਹੈ।