ਚੰਡੀਗੜ੍ਹ: ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ ਤੱਕ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਤਾਂ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਵਾ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਅਤੇ ਹੋਰ ਧਿਰਾਂ ਸਮੇਤ 8402 ਯੋਗ ਵਿਅਕਤੀਆ ਨੂੰ ਹੁਣ ਤੱਕ ਕੋਵਿਡ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ। ਹਾੜ੍ਹੀ ਸੀਜ਼ਨ ਦੌਰਾਨ ਟੀਕਾਕਰਨ ਮੁਹਿੰਮ ਵਿਚ ਪਟਿਆਲਾ ਮੋਹਰੀ ਚੱਲ ਰਿਹਾ ਹੈ ਜਦਕਿ ਇਸ ਤੋਂ ਬਾਅਦ ਫਿਰੋਜ਼ਪੁਰ ਅਤੇ ਜਲੰਧਰ ਸ਼ਾਮਲ ਹਨ।