ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਲਗਾਤਾਰ ਵੱਡੀਆਂ-ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋਕ ਹਿੱਤ ਲਈ ਕਈ ਵੱਡੇ ਫ਼ੈਸਲੇ ਵੀ ਲਏ ਜਾ ਰਹੇ ਹਨ। ਇਸ ਦੇ ਚੱਲਦਿਆਂ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਪੁੱਤਰ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਂਬੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ਸਾਬਕਾ ਵਿਧਾਇਕ ਦਾ ਹੈ ਪੁੱਤਰ:ਦੱਸ ਦੇਈਏ ਕਿ ਗਗਨਦੀਪ ਸਿੰਘ ਜਲਾਲਪੁਰ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁੱਤਰ ਹੈ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਹੈ।
ਤਤਕਾਲੀ ਮੁੱਖ ਮੰਤਰੀ ਚੰਨੀ ਨੇ ਸੌਂਪੀ ਸੀ ਜ਼ਿੰਮੇਵਾਰੀ: ਕਾਬਿਲੇਗੌਰ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖ਼ੁਦ ਜਲਾਲਪੁਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਵਿਧਾਇਕ ਜਲਾਲਪੁਰ ਦੇ ਮੁੰਡੇ ਤੋਂ ਪਹਿਲਾਂ ਉਕਤ ਅਹੁਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਆਰ.ਪੀ. ਪਾਂਡਵ ਸਨ, ਜਿਨ੍ਹਾਂ ਨੂੰ ਕੈਪਟਨ ਦੇ ਕਾਂਗਰਸ ਛੱਡਣ ਤੋਂ ਬਾਅਦ ਚੰਨੀ ਸਰਕਾਰ ਨੇ ਝਟਕਾ ਦਿੰਦਿਆਂ ਉਨ੍ਹਾਂ ਦੀ ਥਾਂ ਗਗਨਦੀਪ ਜਲਾਲਪੁਰ ਨੂੰ ਦੋ ਸਾਲ ਲਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ।ਸਿਆਸੀ ਗਲਿਆਰਿਆਂ ਵਿੱਚ ਗਗਨਦੀਪ ਜਲਾਲਪੁਰ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਚਰਚਾ ਛਿੜ ਗਈ ਹੈ।