ਚੰਡੀਗੜ੍ਹ: ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ ਵਿੱਚ ਸੂਬੇ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੀਤੇ ਬੰਦ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਹੋਇਆਂ ਨਜ਼ਰ ਆਏ। ਢੀਂਡਸਾ ਨੇ ਕਿਹਾ ਕਿ ਉਹ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।
ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਸੁਖਦੇਵ ਢੀਂਡਸਾ ਨੇ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਲਿਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਵੱਲੋਂ ਚਿੱਠੀ ਲਿਖੀ ਗਈ ਸੀ। ਉਥੇ ਹੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਕਿਸਾਨਾਂ ਦੇ ਨਾਲ ਪ੍ਰੋਗਰਾਮ ਸਾਂਝਾ ਨਾ ਕਰ ਪਾਰਟੀ ਵੱਲੋਂ ਵੱਖਰਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਕਾਲੀ ਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਕਿਸਾਨਾਂ ਦੇ ਵਿੱਚ ਨਹੀਂ ਜਾ ਰਹੇ। ਲੋਕ ਅਕਾਲੀ ਦਲ ਤੇ ਬਾਦਲ ਪਰਿਵਾਰ ਬਾਰੇ ਸਭ ਕੁਝ ਜਾਣਦੇ ਹਨ।
ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਹੀ ਨਹੀਂ ਕਾਂਗਰਸ ਵੱਲੋਂ ਵੀ ਵੱਖਰੇ ਤੌਰ 'ਤੇ ਕਿਸਾਨਾਂ ਦਾ ਸਮਰਥਨ ਕਰਨ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਕਿ ਨਾ ਹੀ ਐਮਐਸਪੀ, ਸਬਸਿਡੀ ਖ਼ਤਮ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਕਿਸਾਨ ਦੀ ਜ਼ਮੀਨ ਕਿਸੇ ਪ੍ਰੋਸੈਸਰ ਜਾਂ ਕਾਰਪੋਰੇਟ ਘਰਾਣੇ ਨੂੰ ਦਿੱਤੀ ਜਾਵੇਗੀ, ਇਸ ਦੇ ਬਾਵਜੂਦ ਕਿਸਾਨ ਧਰਨੇ ਦੇ ਰਹੇ ਹਨ।