ਚੰਡੀਗੜ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸੰਘਰਸ਼ ਦੇ ਰਾਹ 'ਤੇ ਹਨ ਅਤੇ ਸਿਆਸੀ ਪਾਰਟੀਆਂ ਇਸ ਦੌਰਾਨ ਆਪਣੀ-ਆਪਣੀ ਡਫਲੀ ਕੁੱਟ ਰਹੀਆਂ ਹਨ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਸਵਾਲ ਖੜ੍ਹੇ ਕੀਤੇ ਹਨ।
ਸੁਖਬੀਰ ਬਾਦਲ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸੰਸਦ ਵਿੱਚ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ। ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਕੀਤੀ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਦੇ ਬਾਵਜੂਦ ਕਲੀਨ ਚਿੱਟ ਦੇਣ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਇਹ ਦੱਸਣ ਕਿ ਕੀ ਉਹ ਮੁੱਖ ਮੰਤਰੀ ਵੱਲੋਂ ਲਏ ਫੈਸਲੇ ਨਾਲ ਸਹਿਮਤ ਹਨ ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਹ ਵੀ ਦੱਸਣ ਕਿ ਉਹ ਕਾਂਗਰਸ ਦੇ ਮੰਤਰੀਆਂ ਨੂੰ ਕੇਂਦਰ ਵੱਲੋਂ ਐਸਸੀ ਵਿਦਿਆਰਥੀਆਂ ਲਈ ਭੇਜੇ ਫੰਡਾਂ ਦੀ ਲੁੱਟ ਦਾ ਖੁੱਲ੍ਹਾ ਲਾਇਸੰਸ ਦੇਣ ਨਾਲ ਵੀ ਸਹਿਮਤ ਹਨ।
ਬਾਦਲ ਨੇ ਮੁੱਖ ਮੰਤਰੀ ਵੱਲੋਂ ਦੋਗਲੀ ਰਾਜਨੀਤੀ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪਾਸ ਕਰਵਾਇਆ ਜਦਕਿ ਦੂਜੇ ਪਾਸੇ ਇਹ ਮਤਾ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖੇਤੀ ਐਕਟ ਲਾਗੂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਉਣ ਤੋਂ ਵੀ ਨਾਂਹ ਕਰ ਦਿੱਤੀ ਹੈ।