ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀ ਬਿੱਲ 'ਤੇ ਦੇਸ਼ ਦੇ ਰਾਸ਼ਟਰਪਤੀ ਨੂੰ ਹਸਤਾਖ਼ਰ ਨਾ ਕਰਨ ਦੀ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਨੇ ਟਵੀਟ ਕਰ ਲਿਖਿਆ ਕਿ ਉਹ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕਰਦੇ ਹਨ ਕਿ ਉਹ ਖੇਤੀ ਬਿੱਲ 'ਤੇ ਹਸਤਾਖ਼ਰ ਨਾ ਕਰਨ ਅਤੇ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਮੁੜ ਵਿਚਾਰ ਲਈ ਭੇਜਣ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਕਿ ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਲਈ ਇਸ ਮਸਲੇ ਵਿੱਚ ਦਖ਼ਲ ਦਿੱਤਾ ਜਾਵੇ, ਨਹੀਂ ਤਾਂ ਉਹ ਸਾਨੂੰ ਮੁਆਫ਼ ਨਹੀਂ ਕਰਨਗੇ।
ਦੱਸ ਦਈਏ ਕਿ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਹੋ ਕੇ ਬਿੱਲ ਬਣ ਚੁੱਕੇ ਹਨ ਅਤੇ ਇਸ ਦੇ ਕਾਨੂੰਨ ਬਣਨ ਵਿੱਚ ਰਾਸ਼ਟਰਪਤੀ ਦੇ ਹਸਤਾਖ਼ਰ ਦਾ ਫਾਂਸਲਾ ਹੀ ਰਹਿ ਗਿਆ ਹੈ, ਜਿਸ ਦੇ ਮੱਦੇਨਜ਼ਰ ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਇਹ ਅਪੀਲ ਕੀਤੀ ਹੈ।
ਇਹ ਵੀ ਜ਼ਿਕਰ ਕਰ ਦਈਏ ਕਿ ਕਿਸਾਨਾਂ ਦੇ ਰੋਸ ਨੇ ਅਕਾਲੀ ਦਲ ਨੂੰ ਆਪਣੀ ਭਾਈਵਾਲ ਭਾਜਪਾ ਦੇ ਖ਼ਿਲਾਫ਼ ਫੈਸਲੇ ਲੈਣ 'ਤੇ ਮਜ਼ਬੂਰ ਕਰ ਦਿੱਤਾ ਹੈ। ਬੀਤੇ ਵੀਰਵਾਰ ਨੂੰ ਅਕਾਲੀ ਦਲ ਦੀ ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸਿਆਸੀ ਸਾਖ਼ ਨੂੰ ਬਰਕਰਾਰ ਰੱਖਣ ਲਈ ਇਸ ਕਾਨੂੰਨ ਦੇ ਵਿਰੋਧ 'ਚ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦਾ ਅਕਾਲੀ ਦਲ ਵੱਲੋਂ ਪਹਿਲਾਂ ਸਮਰਥਨ ਕੀਤਾ ਗਿਆ ਸੀ। ਅਕਾਲੀ ਦਲ ਨੂੰ ਇਸ ਸਮਰਥਨ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਵਿਰੋਧੀ ਆਗੂਆਂ ਵੱਲੋਂ ਭਾਰੀ ਰੋਸ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਅਕਾਲੀ ਦਲ ਪੰਜਾਬ ਵਿੱਚ ਆਪਣੀ ਸਿਆਸੀ ਸਾਖ਼ ਬਚਾਉਣ ਲਈ ਇਸ ਬਿੱਲ ਦੇ ਵਿਰੋਧ ਵਿੱਚ ਆ ਗਿਆ ਹੈ।