ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡੱਟਵੀਂ ਅਤੇ ਦਿਲੋਂ ਹਮਾਇਤ ਕਰਨ ਅਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹ ਲੋਕ ਅੰਦੋਲਨ ਕੇਂਦਰ ਨੂੰ ਝੁੱਕਣ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਇਹ ਬੇਹੱਦ ਹੀ ਵਧੀਆ ਗੱਲ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫ਼ੈਸਲੇ ਨੂੰ ਲਟਕਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ ਵਿੱਚ ਧਰਨਾ ਜਾਰੀ ਹੈ।