ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਬੁੱਧਵਾਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਪੁੱਜਿਆ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਵਫ਼ਦ ਨੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਦੀ ਸ਼ਿਕਾਇਤ ਰਾਜਪਾਲ ਨੂੰ ਕੀਤੀ। ਬਾਦਲ ਨੇ ਰਾਜਪਾਲ ਨੂੰ ਮਿਲ ਕੇ ਪੰਜਾਬ ਸਰਕਾਰ ਦੇ ਉੱਪਰ ਖਜ਼ਾਨਾ ਲੁੱਟਣ ਦੇ ਇਲਜ਼ਾਮ ਲਗਾਏ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਉੱਤੇ 2500 ਕਰੋੜ ਦਾ ਬੇਲੋੜਾ ਬੋਝ ਸਰਕਾਰ ਵੱਲੋਂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਇੱਥੇ ਵੀ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਬਾਦਲ ਨੇ ਅੱਗੇ ਕਿਹਾ ਕਿ ਜਦੋਂ ਤੱਕ ਸਰਕਾਰ ਦੀਆਂ ਲੁੱਟਾ-ਖੋਹਾਂ ਖ਼ਤਮ ਨਹੀਂ ਹੁੰਦੀਆਂ ਉਸ ਵੇਲੇ ਤੱਕ ਉਨ੍ਹਾਂ ਦੀ ਪਾਰਟੀ ਸੰਘਰਸ਼ ਜਾਰੀ ਰੱਖਣਗੇ।