ਚੰਡੀਗੜ੍ਹ: ਪੰਜਾਬ ਗੰਨਾ ਖੋਜ ਅਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉੱਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਬਾਹਰ ਕੱਢ ਸਕਣ ਲਈ ਸਭ ਤੋਂ ਵੱਧ ਸੰਭਾਵਨਾਵਾਂ ਰੱਖਦੀ ਹੈ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।