ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਵਲੋਂ ਆਪਣੋ ਸੋਸ਼ਲ ਮੀਡੀਆ ਅਕਾਉਂਟ ਤੋਂ ਇਕ ਟਵੀਟ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਹੁਣ ਤੋਂ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਖੇ ਮੀਟਿੰਗ ਹੈ। ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਅੱਜ ਸ਼ਾਮ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਤੇ ਦੋਵੇਂ ਉਪ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਣਗੇ। ਇਸ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਹੋਵੇਗੀ।
ਮੁੱਖ ਮੰਤਰੀ ਵਲੋਂ ਕੀਤੀ ਗਈ ਮੀਟਿੰਗ ਵਿਚ ਲਏ ਗਏ ਕਈ ਫੈਸਲੇ
ਬੀਤੇ ਕਲ੍ਹ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਦੂਜੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਫੈਸਲਿਆਂ ਵਿਚ ਮੁੱਖ ਮੰਤਰੀ ਵਲੋਂ ਕਿਹਾ ਗਿਆ ਕਿ ਜਿਹੜੇ ਮੁਲਾਜ਼ਮ ਹੜਤਾਲ 'ਤੇ ਬੈਠੇ ਹਨ ਉਹ ਆਪਣੀ ਹੜਤਾਲ ਖਤਮ ਕਰ ਕੇ ਮੁੜ ਕੰਮਾਂ ਨੂੰ ਪਰਤ ਆਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਗਰੀਬ ਲੋਕਾਂ ਦੇ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਦੇ ਜਿਹੜੇ ਕੰਮ ਪੈਂਡਿੰਗ ਰਹਿ ਗਏ ਹਨ ਹੁਣ ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ।