ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਕਾਂਗਰਸ ਪਾਰਟੀ ਦੇ ਕਿਸਾਨ ਮੋਰਚੇ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਜਿੱਥੇ ਸੁਖਪਾਲ ਖਹਿਰਾ ਨੇ ਆਉਣ ਵਾਲੇ ਸਮੇਂ 'ਚ ਕਿਸਾਨਾਂ ਦੇ ਮੁੱਦੇ ਉਠਾਉਣ ਦੀ ਗੱਲ ਕੀਤੀ ਉੱਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਾ ਹਾਂ, ਜਿੰਨ੍ਹਾਂ ਨੇ ਮੈਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ 70 ਫੀਸਦੀ ਆਬਾਦੀ ਪਿੰਡਾਂ ਅਤੇ ਖੇਤੀਬਾੜੀ ਨਾਲ ਜੁੜੀ ਹੋਈ ਹੈ ਪਰ ਸਰਕਾਰਾਂ ਨੇ ਕਦੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਉਹ ਲਗਾਤਾਰ ਕਰਜ਼ੇ ਵਿੱਚ ਡੁੱਬਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਐਮਐਸਪੀ ਸਹੀ ਢੰਗ ਨਾਲ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਿਰ ਭਾਰੀ ਕਰਜ਼ਾ ਹੈ ਅਤੇ ਪੰਜਾਬ ਦੇ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਵਿੱਚ ਮਾਨਸਾ, ਬਠਿੰਡਾ, ਸੰਗਰੂਰ, ਬਰਨਾਲਾ ਇਹ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੈ। ਖਹਿਰਾ ਨੇ ਕਿਹਾ ਕਿ ਮੇਰੀ ਸਭ ਤੋਂ ਵੱਡੀ ਤਰਜੀਹ ਖੇਤੀਬਾੜੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਹੋਵੇਗਾ ਜਿਸ ਤਰ੍ਹਾਂ ਸਰਕਾਰ ਨੇ ਸਰਹੱਦ 'ਤੇ ਸ਼ਹੀਦ ਹੋਣ ਵਾਲੇ ਜਵਾਨਾਂ ਲਈ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਉਸੇ ਤਰ੍ਹਾਂ ਜਿਹੜੇ ਕਿਸਾਨ ਖੁਦਕੁਸ਼ੀਆਂ ਕਰਦੇ ਹਨ, ਉਨ੍ਹਾਂ ਲਈ ਵੀ ਘੱਟੋ-ਘੱਟ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਵੱਡੇ-ਵੱਡੇ ਮਾਲ ਬਣਾਉਣ ਨਾਲ ਦੇਸ਼ ਤਰੱਕੀ ਨਹੀਂ ਕਰਦਾ। ਜੇਕਰ ਦੇਸ਼ ਦੇ ਪਿੰਡ ਅਤੇ ਕਿਸਾਨ ਖੁਸ਼ ਹੋਣਗੇ ਤਾਂ ਦੇਸ਼ ਤਰੱਕੀ ਕਰੇਗਾ। ਉਨ੍ਹਾਂ ਮੰਨਿਆ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਕਾਂਗਰਸ ਹਾਰ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਜ਼ਮੀਨਾਂ ਛੁਡਵਾਉਣ ਦੇ ਨਾਂ 'ਤੇ ਛੋਟੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਜਦੋਂ ਕਿ ਵੱਡੇ ਮਗਰਮੱਛ ਇਸੇ ਤਰ੍ਹਾਂ ਘੁੰਮ ਰਹੇ ਹਨ।