ਚੰਡੀਗੜ੍ਹ: ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਜਿੱਥੇ ਸਿਆਸਤ ਭਖੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਹਾਈਕੋਰਟ ਵੱਲੋਂ ਮੁੜ ਤੋਂ ਤਜਿੰਦਰ ਬੱਗਾ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ।
4 ਅਗਸਤ ਨੂੰ ਮਾਮਲੇ ਦੀ ਅਗਲੀ ਸੁਣਵਾਈ:ਦੱਸ ਦਈਏ ਕਿ ਹਾਈਕੋਰਟ ਨੇ ਮੁੜ ਤੋਂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ।
ਇਹ ਸੀ ਮਾਮਲਾ: ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਸਿਟੀ ਪੁਲਿਸ ਨੇ ਉਸ ਨੂੰ ਇਹ ਕਹਿ ਕੇ ਹਰਿਆਣਾ ਤੋਂ ਰਾਜਧਾਨੀ ਵਾਪਸ ਲਿਆਂਦਾ ਕਿ ਪੰਜਾਬ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ 'ਤੇ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਉਸ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਸਵੇਰੇ ਕਰੀਬ 8 ਵਜੇ ਕੁਝ ਲੋਕ ਉਸ ਦੇ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਕੇ ਨਾਲ ਲੈ ਗਏ ਹਨ।
ਪੰਜਾਬ ਪੁਲਿਸ ਵਲੋਂ ਬੱਗਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ 'ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਤੇ ਹਾਈ ਕੋਰਟ ਨੇ ਇਸ ਮਾਮਲੇ 'ਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।
ਇਹ ਵੀ ਪੜੋ:PRTC ਬੱਸਾਂ 'ਚੋਂ ਹਟਾਈਆਂ ਭਿੰਡਰਾਂਵਾਲਾ ਅਤੇ ਹਵਾਰਾ ਦੀਆਂ ਤਸਵੀਰਾਂ, ਦਲ ਖਾਲਸਾ ਨੇ ਦਿੱਤੀ ਚਿਤਾਵਨੀ