ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇੱਕ ਮਾਰਚ ਨੂੰ ਸ਼ੁਰੂ ਹੋ ਰਹੇ ਬਜਟ ਸੈਸ਼ਨ ਨੂੰ ਲੈ ਕੇ ਅਕਾਲੀ ਦਲ ਨੇ ਕਿਹਾ ਕਿ ਉਹ ਇਜਲਾਸ ਦੌਰਾਨ ਕਾਂਗਰਸ ਸਰਕਾਰ ਨੂੰ ਇਹ ਦੱਸਣ ਲਈ ਮਜਬੂਰ ਕਰ ਦੇਵੇਗਾ ਕਿ ਉਸ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਪੁੱਛਿਆ ਕਿ ਉਹ ਲੋਕਾਂ ਨੂੰ ਦੱਸਣ ਕਿ ਉਹ ਆਪਣੀ ਹੀ ਸਰਕਾਰ ਵੱਲੋਂ ਤਿਆਰ ਕੀਤੇ ਰਾਜਪਾਲ ਦੇ ਭਾਸ਼ਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕਿਉਂ ਕਰ ਰਹੇ ਹਨ।
ਅਕਾਲੀ ਦਲ ਨੇ ਪੁੱਛਿਆ ਕਿ ਇੱਕ ਪਾਸੇ ਲਾਲ ਗਲੀਚਾ ਵਿਛਾ ਕੇ ਰਾਜਪਾਲ ਦਾ ਸਵਾਗਤ ਕੀਤਾ ਜਾਵੇਗਾ ਤੇ ਕੀ ਦੂਜੇ ਪਾਸੇ ਉਸੇ ਪਾਰਟੀ ਵੱਲੋਂ ਰਾਜਪਾਲ ਦੇ ਘਿਰਾਓ ਕਰਨ ਦੀ ਆਗਿਆ ਦਿੱਤੀ ਜਾ ਸਕਦੀ ਹੈ। ਅਕਾਲੀ ਦਲ ਨੇ ਤੋਂ ਪੁੱਛਿਆ ਕਿ ਉਹ ਦੱਸੇਗੀ ਕਿ ਉਨ੍ਹਾਂ ਦੇ ਪਾਰਟੀ ਦੇ ਵਿਧਾਇਕ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ?
ਬਜਟ ਸੈਸ਼ਨ ਦੌਰਾਨ ਕਾਂਗਰਸ ਨੂੰ ਇਨ੍ਹਾਂ ਮੁੱਦਿਆਂ 'ਤੇ ਘੇਰੇਗਾ ਅਕਾਲੀ ਦਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਕਿਸਾਨ ਖੇਤ ਮਜ਼ਦੂਰ, ਨੌਜਵਾਨ, ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕ, ਸਰਕਾਰੀ ਮੁਲਾਜ਼ਮ ਜਾਂ ਵਪਾਰੀ ਵਰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਰਖ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ਼ ਹਰ ਘਰ ਵਿਚ ਫਾਰਮ ਭੇਜ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਲਿਖਤੀ ਭਰੋਸਾ ਦਿਵਾਇਆ ਬਲਕਿ ਉਨ੍ਹਾਂ ਨੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਵੀ ਚੁੱਕੀ ਸੀ।
ਉਨ੍ਹਾਂ ਇਹ ਵੀ ਪੁੱਛਿਆ ਕਿ ਸਰਕਾਰ ਨੇ ਵਾਅਦੇ ਮੁਤਾਬਕ ਕੌਮੀ ਤੇ ਪ੍ਰਾਈਵੇਟ ਬੈਂਕਾਂ ਦੇ ਨਾਲ ਨਾਲ ਆੜ੍ਹਤੀਆਂ ਦੇ ਕਰਜ਼ ਮਾਫ਼ ਕਿਉਂ ਨਹੀਂ ਕੀਤੇ। ਇਸ ਮੌਕੇ ਉਨ੍ਹਾਂ ਮੁੱਖ ਸਕੱਤਰ ਤੇ ਪੰਜਾਬ ਦੇ ਡੀਜੀਪੀ 'ਤੇ ਵੀ ਕਈ ਹਮਲੇ ਕੀਤੇ।