ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਬੈਠਕ 'ਚ ਮੁੱਖ ਮੰਤਰੀ ਸਾਰੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਨਗੇ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਲੈ ਕੇ ਸਿਆਸੀ ਆਗੂਆਂ ਨਾਲ ਗੱਲਬਾਤ ਕਰਨਗੇ। ਇਹ ਬੈਠਕ ਪੰਜਾਬ ਭਵਨ ਵਿਖੇ ਹੋਵੇਗੀ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਸਾਨੂੰ ਕੌਮੀ ਝੰਡਾ ਦੇ ਮਾਣ ਬਾਰੇ ਦੱਸਣ ਦੀ ਲੋੜ ਨਹੀਂ ਹੈ। ਅਸੀਂ ਦੇਸ਼ ਦੀ ਅਖੰਡਤਾ ਲਈ ਹਮੇਸ਼ਾ ਅੱਗੇ ਰਹੇ ਹਾਂ, ਸਾਡੇ ਪੁੱਤਰ ਆਪਣੀ ਮਹਾਨ ਕੁਰਬਾਣੀ ਤੋਂ ਬਾਅਦ ਵਾਪਸ ਆਪਣੇ ਘਰ ਝੰਡੇ ਵਿੱਚ ਆਉਂਦੇ ਹਨ। ਕੀ ਸਾਡੇ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਲਈ ਸ਼ਾਂਤੀਪੂਰਵਕ ਲੜਣ ਦਾ ਅਧਿਕਾਰ ਨਹੀਂ ਹੈ?
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਵਿੱਚ ਹੋਵੇਗੀ। ਬੈਠਕ ਵਿੱਚ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਾਲ ਹੀ ਵਿਚ ਹੋਈਆਂ ਘਟਨਾਵਾਂ, ਖ਼ਾਸਕਰ ਗਣਤੰਤਰ ਦਿਹਾੜੇ ਹੋਈ ਹਿੰਸਾ, ਸਿੰਘੂ ਬਾਰਡਰ 'ਤੇ ਕਿਸਾਨਾਂ 'ਤੇ ਹਮਲੇ ਅਤੇ ਉਨ੍ਹਾਂ ਵਿਰੁੱਧ ਵੱਡੇ ਪੱਧਰ 'ਤੇ ਜ਼ੁਲਮ ਮੁਹਿੰਮ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸਾਰੀਆਂ ਪਾਰਟੀਆਂ ਨੂੰ ਏਕਤਾ ਦੀ ਭਾਵਨਾ ਨਾਲ ਕਿਸਾਨਾਂ ਦੀ ਹਮਾਇਤ ਅਤੇ ਪੰਜਾਬ ਦੇ ਹਿੱਤ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਇਆ ਸੰਕਟ ਪੂਰੇ ਰਾਜ ਅਤੇ ਇਸ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਅਤੇ ਰਾਜ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸਾਂਝੇ ਯਤਨਾਂ ਸਦਕਾ ਹੀ ਸੰਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ ਅਤੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ।
“ਸਾਡੇ ਕਿਸਾਨ ਹੁਣ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਸਰਹੱਦ ‘ਤੇ ਮਰ ਰਹੇ ਹਨ। ਉਨ੍ਹਾਂ ਨੂੰ ਪੁਲਿਸ ਕੁੱਟ ਰਹੀ ਹੈ ਅਤੇ ਗੁੰਡਿਆਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਮੁਢਲੀਆਂ ਸਹੂਲਤਾਂ ਤੋਂ ਵਾਂਝੇ ਰੱਖ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਕੁੱਟਮਾਰ ਦੇ ਚੱਲਦੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਪਾਰਟੀਆਂ ਦਾ ਖੜਾ ਹੋਣਾ ਜ਼ਰੂਰੀ ਹੋ ਗਿਆ ਹੈ। ਹੁਣ ਇਕਜੁੱਟ ਹੋ ਰਣਨੀਤੀ ਤਿਆਰ ਕਰਨ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਨੇ ਭਲਕੇ ਕੈਬਿਨੇਟ ਬੈਠਕ ਬੁਲਾਈ ਹੈ ਜਿਸ ਦੀ ਅਗਵਾਈ ਉਹ ਵੀਡੀਓ ਕਾਨਫਰੰਸਿਗ ਰਾਹੀਂ ਕਰਨਗੇ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੌਜੂਦਾ ਸੰਕਟ ਨਾਲ ਲੜਣ ਤੇ ਸਮੱਸਿਆ ਦਾ ਹੱਲ ਲੱਭਣ ਲਈ ਆਪਣੇ ਮਤਭੇਦਾਂ ਨੂੰ ਪਾਸੇ ਰੱਖਣਗੀਆਂ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਮਾਂ ਹੰਕਾਰ ਦਾ ਨਹੀਂ ਬਲਕਿ ਆਪਣੇ ਰਾਜ ਅਤੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਕੱਠੇ ਹੋਣ ਦਾ ਹੈ।