ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ੱਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਵਿੱਚ ਨਾ ਪੈਣ ਦੀ ਅਪੀਲ ਕਰਨ ਦੇ ਨਾਲ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਕਿ ਉਹ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦਾ ਜਲਦੀ ਹੱਲ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵੀ ਕਾਨੂੰਨ ਦੇ ਤਹਿਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜੋ ਵਿਧਾਇਕ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਵੀ ਭਿੜ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਟਵੀਟ ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਪੀ.ਪੀ.ਐਸ, ਐਸ.ਪੀ. ਹੈਡਕੁਆਰਟਰਜ਼ ਫਰੀਦਕੋਟ, ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜਖ਼ਮੀ ਹੋ ਗਏ। ਉਨ੍ਹਾਂ ਦੇ ਸਿਰ 'ਤੇ ਲਾਠੀ ਵੀ ਲੱਗੀ ਜਿਸ ਕਾਰਨ ਉਨ੍ਹਾਂ ਦੀ ਪੱਗ ਉੱਤਰ ਗਈ। ਉਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਹ ਘਟਨਾ ਵਾਪਰੀ। ਡੀ.ਜੀ.ਪੀ. ਨੇ ਕਿਹਾ ਕਿ ਵਿਧਾਇਕਾਂ ਅਤੇ ਪੁਲਿਸ ਅਧਿਕਾਰੀਆਂ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਥਾਨਕ ਭਾਜਪਾ ਨੇਤਾਵਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਅਧਾਰ 'ਤੇ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਲਗਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪਟਿਆਲਾ ’ਚ ਚਲਾਨ ਕੱਟਣ ਦੀ ਬਜਾਏ ਰਾਹ ਜਾਂਦੇ ਰਾਹਗੀਰਾਂ ਨੂੰ ਵੰਡੇ ਮਾਸਕ