ਕੇਂਦਰੀ ਮੰਤਰੀਆਂ ਨਾਲ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਸਬੰਧੀ ਕਿਸਾਨ ਜਥੇਬੰਦੀਆਂ ਅੱਜ ਲੈਣਗੀਆਂ ਫੈਸਲਾ - ਖੇਤੀ ਕਾਨੂੰਨ
ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾ ਕਿਸਾਨ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕਰਨ ਸਬੰਧੀ ਅਤੇ ਵਿਚਾਰ ਵਟਾਂਦਰੇ ਦੇ ਲਈ ਮੀਟਿੰਗ ਸੱਦੀ ਗਈ ਹੈ।
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸਨ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਦਿੱਲੀ ਵਿੱਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ 13 ਨਵੰਬਰ ਨੂੰ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਕਰਨ ਲਈ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬੈਠਕ ਬੁਲਾਈ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੋ ਕਿ 30 ਕਿਸਾਨ ਜਥੇਬੰਦੀਆਂ ਨਾਲੋਂ ਵੱਖ ਸੰਘਰਸ਼ ਕਰ ਰਹੀ ਹੈ ਦੇ ਆਗੂਆਂ ਵੱਲੋਂ ਵੀ ਦਿੱਲੀ ਜਾਣ ਬਾਰੇ ਫੈਸਲਾ ਲਿਆ ਜਾਵੇਗਾ। ਉੱਥੇ ਹੀ ਦਿੱਲੀ ਪੁਲਿਸ ਵੱਲੋਂ 26-27 ਨਵੰਬਰ ਨੂੰ ਕਿਸਾਨਾਂ ਨੂੰ ਇਜਾਜ਼ਤ ਨਾ ਦਿੱਤੇ ਜਾਣ ਨੂੰ ਲੈ ਕੇ ਜਥੇਬੰਦੀਆਂ ਨੇ ਕੋਈ ਹੋਰ ਰਾਹ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨ ਆਗੂ ਦਰਸ਼ਨ ਪਾਲ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਦੇਸ਼ ਭਰ ਦੀਆਂ 500 ਦੇ ਕਰੀਬ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨ ਰਾਜਧਾਨੀ ਦਿੱਲੀ ਵੱਲ ਕੂਚ ਕਰਨਗੀਆਂ।
ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਕੇਂਦਰ ਸਰਕਾਰ
ਕਿਸਾਨਾਂ ਵੱਲੋਂ ਰੇਲ ਲਾਈਨਾਂ 'ਤੇ ਲਗਾਏ ਗਏ ਧਰਨੇ ਚੁੱਕ ਲਏ ਗਏ ਹਨ, ਪਰ ਫਿਰ ਵੀ ਕੇਂਦਰ ਸਰਕਾਰ ਨੇ ਸੂਬੇ ਵਿੱਚ ਰੇਲ ਗੱਡੀਆਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਜਿਸ ਕਾਰਨ ਜਿੱਥੇ ਪੰਜਾਬ ਦੀ ਕਿਸਾਨੀ ਨੂੰ ਘਾਟਾ ਪੈ ਰਿਹਾ ਹੈ ਉੱਥੇ ਹੀ ਪੰਜਾਬ ਆਰਥਿਕ ਪਖੋਂ ਵੀ ਕਮਜ਼ੋਰ ਹੁੰਦਾ ਜਾ ਰਿਹਾ ਹੈ। ਸੂਬੇ ਵਿੱਚ ਬਿਜਲੀ ਸੰਕਟ ਵੀ ਪੈਦਾ ਹੋ ਗਿਆ ਹੈ।
ਦੱਸਦਈਏ ਕਿ ਕੇਂਦਰ ਸਰਕਾਰ ਵੱਲੋਂ ਪਹਿਲਾ ਵੀ ਮੀਟਿੰਗ ਸੱਦੀ ਗਈ ਸੀ, ਪਰ ਕੋਈ ਹੱਲ ਨਹੀਂ ਨਿਕਲ ਪਾਇਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ ਕਰ ਦਿੱਤਾ। ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਨੂੰ 50 ਦਿਨਾਂ ਤੋਂ ਵੀ ਵਧ ਦਾ ਸਮਾਂ ਬੀਤ ਗਿਆ ਹੈ।