ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਸ.ਐਸ.ਐਸ.ਬੀ. ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਅਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਅਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮੈਰਿਟ-ਆਧਾਰਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।