ਚੰਡੀਗੜ:ਪੰਜਾਬ ਟਰਾਂਸਪੋਰਟ ਵਿਭਾਗ (Department of Transportation) ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਇਲਜ਼ਾਮ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਸਬੰਧਤ ਹਨ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।
ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।