ਚੰਡੀਗੜ੍ਹ: ਪੰਜਾਬ ਵੱਲੋਂ ਭੇਜੇ ਗਏ 401 ਕੋਰੋਨਾ ਸੈਂਪਲਾਂ 'ਚ 81 ਪ੍ਰਤੀਸ਼ਤ ਯੂਕੇ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ ਹੋਈ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਨੇ ਚਿੰਤਾ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਲਗਵਾਈ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਿਸ਼ਾਲ ਕਰਨ ਦੀ ਮੰਗ ਵੀ ਕੀਤੀ ਉਨ੍ਹਾਂ ਕਿਹਾ ਕਿ 60 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਵੀ ਵੈਕਸੀਨੇਸ਼ਨ ਦਿੱਤੀ ਜਾਵੇ, ਕਿਉਂਕਿ ਇਹ ਸਟ੍ਰੇਨ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਕੋਰੋਨਾ ਦੀ ਉੱਭਰਦੀ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੇਂਦਰ ਤੋਂ ਮੰਗ ਕੀਤੀ ਕਿ ਟੀਕਾਕਰਨ ਦੀ ਪ੍ਰਕ੍ਰਿਆ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂ ਕੇ ਦੇ ਵੱਧ ਰਹੇ ਸਟ੍ਰੇਨ ਨੂੰ ਰੋਕਣ ਲਈ ਟੀਕਾਕਰਨ ਦੀ ਬਹੁਤ ਜ਼ਰੂਰਤ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਕੋਰੋਨਾ ਦੀ ਰੋਕਥਾਮ ਲਈ ਯਤਨ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਹੋਰ ਵੀ ਸਖ਼ਤੀ ਕਰਨੀ ਪਵੇਗੀ।