ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਿਸ਼ 'ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ।
ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ। ਆਗੂਆਂ ਨੇ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਪ੍ਰਣਾਲੀ ਨੂੰ ਹੀ ਜਾਰੀ ਰੱਖਣ ਲਈ ਕਿਹਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਉੱਤਰ ਭਾਰਤ ਦਾ ਇੱਕ ਪ੍ਰਮੁੱਖ ਵਿਦਿਅਕ ਸੰਸਥਾਨ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਾਲਜ ਇਸ ਅਧੀਨ ਆਉਂਦੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ਵਿੱਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ, ਜਿਨ੍ਹਾਂ ਵਿੱਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ, ਜੋ ਕਿ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ ਪਰ ਉਨ੍ਹਾਂ ਦਾ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ।
ਸੰਧਵਾਂ ਅਤੇ ਰੋੜੀ ਨੇ ਕਿਹਾ ਕਿ ਇਸ ਸਮੇਂ ਵੀ 3 ਦਰਜਨ ਦੇ ਕਰੀਬ ਸੈਨੇਟ ਮੈਂਬਰ ਕੁਲਪਤੀ (ਉਪ ਰਾਸ਼ਟਰਪਤੀ) ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ, ਜਿਸ ਨਾਲ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਹੀ ਇੱਥੇ ਸ਼ਮੂਲੀਅਤ ਹੈ। ਅਜਿਹੇ ਹਾਲਾਤ ਵਿੱਚ ਸੈਨੇਟ ਨੂੰ ਭੰਗ ਕਰਕੇ ਨਵਾਂ ਬੋਰਡ ਬਣਾਉਣਾ ਰਾਜਾਂ ਦੇ ਅਧਿਕਾਰਾਂ 'ਤੇ ਇੱਕ ਹੋਰ ਵੱਡਾ ਡਾਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਆਪਣੀ ਖ਼ਾਸ ਸੋਚ ਨਾਲ ਸਬੰਧਿਤ ਲੋਕਾਂ ਨੂੰ ਨਾਮਜ਼ਦ ਕਰ ਕੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਫਿਰਕੂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਜਾ ਰਿਹਾ ਜੋ ਕਿ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।