ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਖਾਸ ਕਰ ਕੇ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਕੇਸਾਂ 'ਚ ਇਕਦਮ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ ਕੋਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਅਤੇ ਜਾਗਰੂਕ ਹੋਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਸਬੰਧੀ ਸਲਾਹ ਜਾਰੀ ਕੀਤੀ ਹੈ।
ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਆਖਿਆ ਗਿਆ ਹੈ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਟੀ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।