ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਖਾਲੀ ਅਸਾਮੀਆਂ ਨੂੰ ਜਲਦ ਭਰਨ ਲਈ ਸੂਬੇ ਦੇ ਸਮੂਹ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਨੇ 17.61 ਲੱਖ ਨੌਕਰੀਆਂ ਦਿੱਤੀਆਂ
ਵਿਨੀ ਮੁਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2017 ਤੋਂ ਹੁਣ ਤੱਕ ਯੋਗ ਉਮੀਦਵਾਰਾਂ ਨੂੰ 17.61 ਲੱਖ ਨੌਕਰੀਆਂ ਦਿੱਤੀਆਂ ਹਨ।ਜਿਨ੍ਹਾਂ ਵਿੱਚੋਂ 58,508 ਨੌਕਰੀਆਂ ਸਰਕਾਰੀ ਵਿਭਾਗਾਂ ਵਿੱਚ ਦੇਣ ਤੋਂ ਇਲਾਵਾ 7.06 ਲੱਖ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਅਤੇ 9.97 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਉੱਦਮ ਵਿੱਚ ਸਹਾਇਤਾ ਕੀਤੀ ਗਈ ਹੈ।
1 ਅਪ੍ਰੈਲ 2020 ਤੱਕ 9019 ਨਿਯੁਕਤੀਆਂ ਹੋਈਆਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਖੇਤਰ ਵਿੱਚ 1 ਲੱਖ ਨੌਜਵਾਨਾਂ ਦੀ ਭਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ 61,336 ਅਸਾਮੀਆਂ ਭਰਨ ਲਈ 14 ਅਕਤੂਬਰ, 2020 ਨੂੰ ਸੂਬਾਈ ਰੁਜ਼ਗਾਰ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਜਿਸ ਨੂੰ ਲੈ ਕੇ ਸਰਕਾਰ ਵੱਲੋਂ ਪਹਿਲਾਂ ਹੀ 33,553 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾ ਚੁੱਕੇ ਹਨ।ਜਦੋਂ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ 1 ਅਪ੍ਰੈਲ, 2020 ਤੋਂ ਹੁਣ ਤੱਕ 9,019 ਨਿਯੁਕਤੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਨੇ ਦੱਸਿਆ ਕਿ ਤਿੰਨ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਹੋਣੀ ਹੈ ਜਿਵੇਂ ਕਿ ਸਕੂਲ ਸਿੱਖਿਆ ਵਿਭਾਗ ਵਿੱਚ 16,681 ਅਸਾਮੀਆਂ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਿੱਚ 11,271 ਅਸਾਮੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5,834 ਆਸਾਮੀਆਂ ਮੌਜੂਦ ਹਨ।
ਇਹ ਵੀ ਪੜੋ:CORONA UPDATE LIVE: 24 ਘੰਟਿਆਂ 'ਚ ਭਾਰਤ 'ਚ 60,471 ਨਵੇਂ ਮਾਮਲੇ, 2,726 ਮੌਤਾਂ