ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਵੱਲੋਂ ਸੁਰੱਖਿਆ ਦੀ ਮੰਗ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ ਅਤੇ ਇਸਦੇ ਨਾਲ ਹੀ ਉਸ ਵੱਲੋਂ ਕਤਲ ਦਾ ਕਾਰਨ ਦੱਸਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਉਨ੍ਹਾਂ ਦਾ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲਿਆ ਗਿਆ ਹੈ। ਗੋਲਡੀ ਬਰਾੜ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਹੀ ਕਰੀਬੀ ਹੈ।
ਗੋਲਡੀ ਬਰਾੜ ਦੇ ਇਸ ਬਿਆਨ ਤੋਂ ਬਾਅਦ ਗੈਂਗਵਾਰ ਸ਼ੁਰੂ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿਉਂਕਿ ਉਸਦੇ ਇਸ ਬਿਆਨ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਵੱਲੋਂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੋ ਗਈ ਹੈ। ਪੰਜਾਬ ਦੇ ਵੱਖ ਵੱਖ ਥਾਵਾਂ ਉੱਪਰ ਚੌਕਸੀ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ ਵਿੱਕੀ ਮਿੱਡੂਖੇੜਾ ਦਾ ਭਰਾ ਪੰਜਾਬ ਦੇ ਮੁਹਾਲੀ ਵਿੱਚ ਰਹਿ ਰਿਹਾ ਹੈ। ਉਸ ਵੱਲੋਂ ਕੋਰਟ ਦਾ ਰੁਖ ਕਰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ ਕਿਉਂਕਿ ਉਹ ਆਪਣੇ ਭਰਾ ਵਿੱਕੀ ਮਿੱਡੂ ਖੇੜਾ ਦੇ ਕਤਲ ਮਾਮਲੇ ਵਿੱਚ ਇਕਲੌਤਾ ਗਵਾਹ ਹੈ ਜਿਸਦੇ ਚੱਲਦੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ ਜਿਸ ਦੇ ਚੱਲਦੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ।