ਮੋਹਾਲੀ:ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ ਹੈ। girls viral video chandigarh university case
ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੰਗਾਮਾ ਹੋਣ ਕਾਰਨ ਮੌਕੇ ਉੱਤੇ ਪੁਲਿਸ ਨੂੰ ਬੁਲਾਇਆ ਗਿਆ। ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਪਰ, ਯੂਨੀਵਰਸਿਟੀ ਮੈਨੇਜਮੈਂਟ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਹੰਗਾਮੇ ਦੌਰਾਨ ਇੱਕ ਵਿਦਿਆਰਥੀ ਬੇਹੋਸ਼ ਹੋ ਗਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀ ਨਹਾਉਣ ਸਮੇਂ ਦੀ ਵੀਡੀਓ ਵਾਇਰਲ ਹੋਣ ਦਾ ਇਹ ਮਾਮਲਾ ਕਾਫ਼ੀ ਭੱਖ ਚੁੱਕਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥੀਆਂ 'ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।
ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ ਮੋਹਾਲੀ ਦੇ SSP: ਐਸਐਸਪੀ ਵਿਵੇਕ ਸੋਨੀ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਕਿ ਇੱਥੇ ਇੱਕ ਵਿਦਿਆਰਥੀ ਵੱਲੋਂ ਵੀਡੀਓ ਬਣਾਈ ਗਈ ਹੈ, ਇਸ ਨੂੰ ਲੈ ਕੇ ਕੁਝ ਹੰਗਾਮਾ ਹੋਇਆ ਹੈ, ਅਸੀਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ, ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਦੇ ਸਬੂਤ ਹਨ। ਜਿਸ ਨੂੰ ਅਸੀਂ ਇਕੱਠਾ ਕਰਨਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਲੜਕੀ ਸ਼ਿਮਲਾ ਵਿੱਚ ਕਿਸੇ ਨੂੰ ਵੀਡੀਓ ਭੇਜਦੀ ਸੀ। ਅਸੀਂ ਉਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਹ ਵੀਡੀਓ ਕਿਉਂ ਭੇਜੀ ਗਈ ਸੀ। ਯੂਨੀਵਰਸਿਟੀ ਦੇ ਅੰਦਰ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ 'ਤੇ ਐੱਸਐੱਸਪੀ ਨੇ ਕਿਹਾ ਕਿ ਅਜਿਹਾ ਕੋਈ ਮਾਮਲਾ ਵੀ ਸਾਡੇ ਧਿਆਨ ਵਿੱਚ ਨਹੀਂ ਆਇਆ ਹੈ। ਇਸ ਮਾਮਲੇ ਦੀ ਜਾਂਚ ਚਲ ਰਹੀ ਹੈ।
ਮਨੀਸ਼ਾ ਗੁਲਾਟੀ ਪਹੁੰਚੀ ਯੂਨੀਵਰਸਿਟੀ: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੀ ਹੈ। ਉਨ੍ਹਾਂ ਨੇ ਇਨਸਾਫ਼ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੱਲ੍ਹ ਹੀ ਮੇਰੇ ਧਿਆਨ ਵਿੱਚ ਆਇਆ ਹੈ। ਐਫਆਈਆਰ ਦਰਜ ਕੀਤੀ ਗਈ ਹੈ, ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਡੀ ਪੁਲਿਸ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਹੱਲ ਕੀਤਾ ਹੈ। ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੀ ਗੱਲ ਗ਼ਲਤ ਹੈ, ਇਹ ਸਭ ਅਫ਼ਵਾਹ ਹੈ, ਕੋਈ ਵੀ ਵਿਦਿਆਰਥੀ ਹਸਪਤਾਲ 'ਚ ਨਹੀਂ ਹੈ। ਬਹੁਤ ਗਰਮੀ ਸੀ ਜਦੋਂ ਬੱਚੇ ਵਿਰੋਧ ਕਰ ਰਹੇ ਸਨ, ਕੁਝ ਬੱਚੇ ਘਬਰਾ ਰਹੇ ਸਨ, ਕੁਝ ਬੇਹੋਸ਼ ਹੋ ਗਏ ਸਨ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਨੂੰ ਵਾਰ-ਵਾਰ ਵਾਇਰਲ ਕਰਕੇ ਖੁਦਕੁਸ਼ੀ ਕਿਹਾ ਜਾ ਰਿਹਾ ਹੈ। ਇਹ ਬਹੁਤ ਹੀ ਨਾਮਵਰ ਯੂਨੀਵਰਸਿਟੀ ਹੈ, ਇਹ ਡੂੰਘਾਈ ਨਾਲ ਜਾਂਚ ਦਾ ਵਿਸ਼ਾ ਹੈ।
AAP ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦਾ ਟਵੀਟ: ਇਸ ਮਾਮਲੇ ਨੂੰ ਲੈ ਕੇ ਆਪ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆ ਲਿਖਿਆ ਕਿ, "ਚੰਡੀਗੜ੍ਹ ਯੂਨੀਵਰਸਿਟੀ 'ਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਲੜਕੀਆਂ ਹਿੰਮਤ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਹੌਂਸਲਾ ਰੱਖੋ।"