ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੁਨੀਆਂ ਭਰ ਵਿੱਚ ਰਹਿੰਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪ੍ਰੋਗਰਾਮਾਂ/ਕੋਰਸਾਂ ਦੀ ਡਿਜੀਟਲ ਤੌਰ 'ਤੇ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਕਰਨ ਲਈ ਭਾਸ਼ਾ ਐਵਾਰਡ ਲਈ 5 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਕੋਰਸ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਵਿੱਚ ਬਹੁਤ ਸਹਾਈ ਸਾਬਤ ਹੋਣਗੇ ਜਿਸ ਨਾਲ ਉਨ੍ਹਾਂ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਪੈਦਾ ਹੋਵੇਗੀ। ਇਸ ਪਹਿਲਕਦਮੀ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨ ਪੰਜਾਬ ਦੇ ਅਮੀਰ ਤੇ ਸ਼ਾਨਦਾਰ ਸੱਭਿਆਚਾਰ ਵਿਰਸੇ ਨਾਲ ਜੁੜਨਗੇ ਅਤੇ ਇਹ ਉਪਰਾਲਾ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖੇਗਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਯੂ.ਜੀ.ਸੀ. ਨੇ ਦੇਸ਼ ਦੀਆਂ 981 ਯੂਨੀਵਰਸਿਟੀਆਂ ਵਿੱਚੋਂ 37 ਯੂਨੀਵਰਸਿਟੀਆਂ ਨੂੰ ਕੋਰਸ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਦੀ ਇਕਲੌਤੀ ਸੂੂਬੇ ਦੀ ਸਰਕਾਰੀ ਯੂਨੀਵਰਸਿਟੀ ਹੈ ਜਿਸ ਨੂੰ ਯੂ.ਜੀ.ਸੀ. ਵੱਲੋਂ ਇਹ ਕੋਰਸ ਸ਼ੁਰੂ ਕਰਨ ਦਾ ਮਾਣ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਅਮਰੀਕਾ, ਬਰਤਾਨੀਆ ਕੈਨੇਡਾ, ਆਸਟਰੇਲੀਆ ਅਤੇ ਅਫਰੀਕਾ ਤੇ ਯੂਰੋਪ ਦੇ ਹਿੱਸਿਆਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵੱਲੋਂ ਨਿਰੰਤਰ ਕੀਤੀ ਜਾਂਦੀ ਮੰਗ ਪੂਰੀ ਹੋ ਗਈ ਅਤੇ ਹੁਣ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਵਿੱਚ ਸਿੱਖਿਆ ਹਾਸਲ ਹੋ ਸਕੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਟੇਗਰੀ 1 ਦੀ ਯੂਨੀਵਰਸਿਟੀ ਹੋਣ ਦੇ ਨਾਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਮੰਗ ਨੂੰ ਪੂਰਾ ਕਰਨ ਲਈ ਆਨਲਾਈਨ ਸਿੱਖਿਆ ਦਾ ਡਾਇਰੈਕਟੋਰੇਟ ਸਥਾਪਤ ਕੀਤਾ ਹੈ।
ਇਹ ਵੀ ਪੜ੍ਹੋ: ਨਸ਼ੇ ਦੇ ਮਾਮਲੇ 'ਚ ਪੁੱਤ ਦੀ ਗ੍ਰਿਫ਼ਤਾਰੀ ਨੂੰ ਲੰਗਾਹ ਨੇ ਦੱਸਿਆ ਸਾਜਿਸ਼