ਪੰਜਾਬ

punjab

ETV Bharat / city

ਕੋਵਿਡ ਬਾਰੇ ਗੁੰਮਰਾਹਕੁਨ ਪ੍ਰਚਾਰ ਤੇ ਅਫਵਾਹ ਫੈਲਾਉਣ ਵਾਲਿਆਂ ਨੂੰ ਮੁੱਖ ਮੰਤਰੀ ਦੀ ਚਿਤਾਵਨੀ - Covid Negative Certificate

ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਹੁਣ ਘਰੇਲੂ ਏਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਵੇ।

cm captain amrinder singh , covid19
ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ

By

Published : Sep 9, 2020, 9:55 PM IST

ਚੰਡੀਗੜ੍ਹ: ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਹੁਣ ਘਰੇਲੂ ਏਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਵੇ।

ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਆਪਣਾ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿੱਚ ਏਕਾਂਤਵਾਸ ਉਤੇ ਜਾ ਕੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਦੇ ਮਾਮਲੇ ਵਿੱਚ ਇਸ ਵੇਲੇ ਪੰਜਾਬ ਦੇਸ਼ ਵਿੱਚ 17ਵੇਂ ਸਥਾਨ ਉਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੂਠੇ ਤੇ ਗੁੰਮਰਾਹਕੁਨ ਪ੍ਰਚਾਰ ਕਾਰਨ ਟੈਸਟਾਂ ਵਿੱਚ ਆਈ ਗਿਰਾਵਟ ਤੋਂ ਬਾਅਦ ਪੁਲਿਸ ਵੱਲੋਂ ਸੂਬੇ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਆਰੰਭੀ ਕਾਰਵਾਈ ਕਾਰਨ ਰੋਜ਼ਾਨਾ ਕੋਵਿਡ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਮੁੜ 28000 ਦੇ ਕਰੀਬ ਅੱਪੜੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 28,688 ਟੈਸਟ ਹੋਏ ਅਤੇ ਜਲਦ ਹੀ ਇਹ ਅੰਕੜਾ 30000 'ਤੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਜਾਨਾਂ ਬਚਾਉਣ ਉਤੇ ਹੈ ਜਿਸ ਲਈ ਜਲਦੀ ਟੈਸਟਿੰਗ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਰੋਧੀ ਤੱਤ ਪੰਜਾਬ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗਾਂ ਨੂੰ ਕੱਢਣ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਤਰਕਹੀਣ ਹੈ। ਉਨ੍ਹਾਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ।

ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਕੋਵਿਡ ਦੀ ਸਮੀਖਿਆ ਕਰਨ ਲਈ ਲੜੀਵਾਰ ਕੀਤੀਆਂ ਜਾ ਰਹੀਆਂ ਵੀਡਿਓ ਕਾਨਫਰੰਸਾਂ ਤਹਿਤ ਕਾਂਗਰਸੀ ਵਿਧਾਇਕਾਂ ਦੇ ਤੀਜੇ ਗਰੁੱਪ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਸਾਨੂੰ ਅਜਿਹੇ ਪ੍ਰਚਾਰ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨਾ ਹੋਵੇਗਾ।'' ਉਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਆਖਿਆ ਕਿ ਉਹ ਜ਼ਮੀਨੀ ਹਕੀਕਤਾਂ ਦੇਖਣ ਲਈ ਆਉਂਦੇ ਤਿੰਨ ਦਿਨਾਂ ਵਿੱਚ ਆਪਣੇ ਜ਼ਿਲ੍ਹਿਆਂ ਤੇ ਹਲਕਿਆਂ ਦਾ ਦੌਰਾ ਕਰਨ। ਉਨ੍ਹਾਂ ਕਿਹਾ ਕਿ ਅਗਲੇ ਦੋ ਹਫਤਿਆਂ ਵਿੱਚ ਸੂਬੇ 'ਚ ਮਹਾਂਮਾਰੀ ਦੇ ਸਿਖਰ ਛੂਹਣ ਦੀ ਸੰਭਾਵਨਾ ਦੇ ਚੱਲਦਿਆਂ ਚੁਣੇ ਹੋਏ ਨੁਮਾਇੰਦਿਆਂ ਤੇ ਅਧਿਕਾਰੀਆਂ ਲਈ ਜ਼ਰੂਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਸੰਕਟ ਦਾ ਮੁਕਾਬਲਾ ਕਰਨ।

ਕੋਵਿਡ ਬਾਰੇ ਪੰਜਾਬ ਵਿੱਚ ਗਲਤ ਜਾਣਕਾਰੀ ਫੈਲਾਉਣ ਲਈ ਮੁਹਿੰਮ ਸ਼ੁਰੂ ਕਰਨ 'ਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ, ਜਿੱਥੇ 'ਆਪ' ਦੀ ਸਰਕਾਰ ਹੈ, ਵਿੱਚ ਘੱਟ ਆਬਾਦੀ ਹੋਣ ਦੇ ਬਾਵਜੂਦ ਮਹਾਂਮਾਰੀ 'ਤੇ ਅੰਕੜੇ ਬਹੁਤ ਮਾੜੇ ਹਨ। ਉਨ੍ਹਾਂ ਕਿਹਾ ਕਿ ਆਪ ਵਾਲਿਆਂ ਨੇ ਇਸ ਨੂੰ ਮੁਕਾਬਲੇ ਦਾ ਵਿਸ਼ਾ ਬਣਾਇਆ ਹੋਇਆ ਹੈ ਜੋ ਹੈਰਾਨ ਕਰ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਰ ਕਿਤੇ ਵੀ ਨਹੀਂ ਵਾਪਰ ਰਿਹਾ ਅਤੇ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਪੂਰੇ ਮੁਲਕ ਵਿੱਚ ਕੋਵਿਡ ਵਿਰੁੱਧ ਲੜਾਈ 'ਚ ਸੂਬਾ ਸਰਕਾਰਾਂ ਨਾਲ ਸਹਿਯੋਗ ਕਰ ਰਹੀ ਹੈ ਜਦਕਿ ਇਸ ਦੇ ਉਲਟ 'ਆਪ' ਅਤੇ ਅਕਾਲੀ ਦਲ ਵਾਲੇ ਪੰਜਾਬ ਸਰਕਾਰ ਦੇ ਯਤਨਾਂ ਨੂੰ ਲੀਹੋਂ ਲਾਹੁਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਪੰਚਾਇਤਾਂ ਨਾਲ ਮਿਲ ਕੇ ਅਫਵਾਹਾਂ ਵਾਲਿਆਂ ਦੀ ਸ਼ਨਾਖ਼ਤ ਕਰਨ ਅਤੇ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ ਲਈ ਆਖਿਆ ਤਾਂ ਕਿ ਕੋਵਿਡ ਬਾਰੇ ਨਾਕਾਰਤਮਕ ਪ੍ਰਚਾਰ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਵਿਧਾਇਕਾਂ ਨੇ ਨਿਰਾਧਾਰ ਸੋਸ਼ਲ ਮੀਡੀਆ ਮੁਹਿੰਮਾਂ ਵਿਰੁੱਧ ਪੁਲਿਸ ਦੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਕਿਉਂ ਜੋ ਇਨ੍ਹਾਂ ਮੁਹਿੰਮਾਂ ਦਾ ਸਪੱਸ਼ਟ ਮਨੋਰਥ ਸੂਬਾ ਸਰਕਾਰ ਨੂੰ ਬਦਨਾਮ ਕਰਨਾ ਹੈ। ਸਾਰੇ ਵਿਧਾਇਕ ਚਾਹੁੰਦੇ ਹਨ ਕਿ ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ 'ਤੇ ਜਾਅਲੀ ਆਈ.ਡੀ. ਬਣਾ ਕੇ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਅਤੇ ਸੂਬਾ ਸਰਕਾਰ ਤੇ ਵਿਧਾਇਕਾਂ ਦੇ ਚਰਿੱਤਰ ਨੂੰ ਠੇਸ ਪਹੁੰਚਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਆਦੇਸ਼ ਦਿੱਤੇ ਹਨ ਕਿ ਗਲਤ ਜਾਣਕਾਰੀ ਫੈਲਾਉਣ ਵਾਲੇ ਵੈੱਬ ਚੈਨਲਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਨਾਕਾਰਤਮਕ ਪ੍ਰਚਾਰ ਕਰਨ ਵਾਲੇ ਵਿਦੇਸ਼ੀ ਚੈਨਲਾਂ ਬਾਰੇ ਕੇਂਦਰ ਸਰਕਾਰ ਦੇ ਨਾਲ-ਨਾਲ ਅਮਰੀਕੀ ਸਫ਼ੀਰ ਨਾਲ ਵੀ ਮਾਮਲਾ ਉਠਾਇਆ ਜਾਵੇ।

ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਕੂੜ ਪ੍ਰਚਾਰ ਦਾ ਟਾਕਰਾ ਕਰਨ ਅਤੇ ਸੰਕਟ ਨਾਲ ਬਿਹਤਰ ਢੰਗ ਨਾਲ ਨਿਪਟਣ ਲਈ ਆਪੋ-ਆਪਣੇ ਸੁਝਾਅ ਪੇਸ਼ ਕੀਤੇ। ਇਨ੍ਹਾਂ ਸੁਝਾਵਾਂ ਵਿੱਚ ਪਿੰਡਾਂ ਵਿੱਚ ਕੋਵਿਡ ਦੇ ਪਾਜ਼ੇਟਿਵ ਮਰੀਜ਼ਾਂ ਦੇ ਪ੍ਰਬੰਧਨ ਲਈ ਪੰਚਾਇਤਾਂ ਨੂੰ ਸ਼ਾਮਲ ਕਰਨ ਅਤੇ ਅਫਵਾਹਾਂ ਨੂੰ ਫੈਲਾਉਣ ਤੋਂ ਰੋਕਣ ਲਈ ਪੁਲੀਸ ਅਤੇ ਸਿਵਲ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ 'ਅਫਵਾਹ ਵਿਰੋਧੀ ਸੁਕੈਅਡ' ਦਾ ਗਠਨ ਕੀਤਾ ਜਾਣਾ ਸ਼ਾਮਲ ਹੈ।

ABOUT THE AUTHOR

...view details