ਚੰਡੀਗੜ੍ਹ:ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਭਲਕੇ ਵੋਟਿੰਗ ਹੋਵੇਗੀ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।
ਇਹ ਵੀ ਪੜੋ:ਇਸ ਪਰਿਵਾਰ ਵਿੱਚ ਸਾਰੇ ਤੈਰਾਕ, ਹੁਣ ਤੱਕ ਜਿੱਤੇ 700 ਤੋਂ ਜ਼ਿਆਦਾ ਮੈਡਲ
ਪ੍ਰਸ਼ਾਸਨ ਵਲੋਂ ਚੌਕਸੀ:ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।
23 ਜੂਨ ਨੂੰ ਛੁੱਟੀ ਦਾ ਐਲਾਨ: ਚੋਣ ਕਮਿਸ਼ਨ ਤੇ ਸਰਕਾਰ ਵੱਲੋਂ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 21 ਜੂਨ ਨੂੰ ਸ਼ਾਮ 6 ਵਜੇ ਤੋਂ 23 ਜੂਨ ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।
ਕੁੱਲ ਵੋਟਰਾਂ ਦੀ ਗਿਣਤੀ:ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਹਲਕੇ ਵਿੱਚ ਕੁੱਲ 15,69,240 ਵੋਟਰ ਸ਼ਾਮਲ ਹਨ ਜਿਨਾਂ ਵਿੱਚ 8,30,056 ਪੁਰਸ਼ ਵੋਟਰ ਜਦਕਿ 7,39,140 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 44 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ, ਜੋ ਇੰਨ੍ਹਾਂ ਜ਼ਿਮਣੀ ਚੋਣਾਂ 'ਚ ਭਾਗ ਲੈਣਗੇ। ਸੰਗਰੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ 13 ਪੁਰਸ਼ ਅਤੇ 3 ਮਹਿਲਾਵਾਂ ਚੋਣ ਮੈਦਾਨ ਵਿੱਚ ਹਨ।
ਸੰਗਰੂਰ ਸੀਟ ਇੰਝ ਹੋਈ ਖਾਲੀ:ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਦੀ ਆ ਰਹੀ ਹੈ। ਜਿਸ 'ਚ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ। ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਅਜਿਹੀ ਸੀਟ ਸੀ, ਜੋ ਪੂਰੇ ਦੇਸ਼ 'ਚ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਸੀ। ਭਗਵੰਤ ਮਾਨ ਹੁਣ ਵਿਧਾਨ ਸਭਾ ਚੋਣਾਂ 'ਚ ਧੂਰੀ ਤੋਂ ਜਿੱਤ ਦਰਜ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਅਤੇ ਇਸ 'ਤੇ ਮੁੜ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਚੋਣ ਮੈਦਾਨ 'ਚ ਇਹ ਆਗੂ:ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।