ਚੰਡੀਗੜ੍ਹ: ਆਮ ਆਦਮੀ ਪਾਰਟੀ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਂਸੀਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਪਾਰਟੀ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ਉੱਤੇ ਕੀਤਾ।
ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਦੀਆਂ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉਤੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸ਼ੁਨਿਹਰੀ ਮੌਕਾ ਹੈ ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਆਪਣਾ ਕੌਂਸਲਰ ਚੁਣਨ।
ਸ਼ਹਿਰਾਂ ਦੀ ਗੰਦਗੀ ਦੇ ਨਾਲ-ਨਾਲ ਰਾਜਨੀਤਿਕ ਗੰਦਗੀ ਨੂੰ ਵੀ ਕਰਾਂਗੇ ਸਾਫ: ਭਗਵੰਤ ਮਾਨ ਉਨ੍ਹਾਂ ਚੋਣਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਦਾ ਦਬਾਅ ਮੰਨਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਇੱਕ ਸਾਲ ਬਾਅਦ ਇਹ ਕਾਂਗਰਸ ਦੀ ਸਰਕਾਰ ਬਦਲ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸੀਪਲ ਕਮੇਟੀਆਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਜਾਂਦੇ ਹਨ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਜ਼ਰੂਰੀ ਹੈ ਕਿ ਇਕ ਪੜ੍ਹੇ ਲਿਖੇ ਤੇ ਯੋਗ ਵਿਅਕਤੀਆਂ ਨੂੰ ਆਪਣਾ ਪ੍ਰਤੀਨਿੱਧ ਚੁਣਿਆ ਜਾਵੇ।
ਉਨ੍ਹਾਂ ਕਿਹਾ ਕਿ ਪਾਰਟੀ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ’ਚੋਂ ਰਾਜਨੀਤਿਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਛੇਤੀ ਹੀ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੀ ਧੋਣ ’ਚ ਅੜੇ ਹੋਇਆ ਆਕੜ ਵਾਲਾ ਕਿੱਲਾ ਛੇਤੀ ਹੀ ਨਿਕਲੇ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਆਪਣੀਆਂ ਹੱਕ ਪੈ ਰਹੇ ਕੜਾਕੇ ਦੀ ਠੰਢ ’ਚ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੈਂਟਰਲ ਹਾਲ ’ਚ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਕਿਸਾਨਾਂ ਦੀ ਆਵਾਜ਼ ਉਠਾਕੇ ਆਪਣਾ ਇਕ ਫਰਜ਼ ਨਿਭਾਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜਿੱਥੇ ਵੀ ਪ੍ਰਧਾਨ ਮੰਤਰੀ ਮੋਦੀ ਦਾ ਸਾਹਮਣਾ ਹੋਵੇਗਾ ਉਥੇ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ।