ਚੰਡੀਗੜ੍ਹ: ਫੇਸਬੁੱਕ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੇ 19ਵੀਂ ਲੜੀ ਦੌਰਾਨ ਆਮ ਲੋਕਾਂ ਨਾਲ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,''ਇਹ ਮਸਲਾ ਰਾਜਨੀਤਿਕ ਨਹੀਂ ਹੈ ਬਲਕਿ ਇਹ ਸਾਡੇ ਪੰਜਾਬ, ਸਾਡੀ ਖੇਤੀਬਾੜੀ ਅਤੇ ਸਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਜੇਕਰ ਅਸੀਂ ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਹੀਂ ਕਰਦੇ ਤਾਂ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦੇਵਾਂਗੇ।''
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਕੌਮੀ ਰਾਜਧਾਨੀ ਦੀ ਸਰਹੱਦ 'ਤੇ ਨਾ ਜਾਣ ਦਾ ਫੈਸਲਾ ਸੋਚ-ਸਮਝ ਕੇ ਲਿਆ ਹੈ। ਉਨ੍ਹਾਂ ਕਿਹਾ ਕਿਉਂ ਕਿ ਕਿਸਾਨ ਹੀ ਚਾਹੁੰਦੇ ਹਨ ਕਿ ਕਿਸਾਨ ਸੰਘਰਸ਼ ’ਚ ਰਾਜਨਿਤਿਕ ਵਿਅਕਤੀਆਂ ਵੱਲੋਂ ਸ਼ਮੂਲੀਅਤ ਨਾ ਕੀਤੀ ਜਾਵੇ।
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਅਕਾਲੀ ਦਲ ’ਤੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਭ ਤੋਂ ਪਹਿਲਾਂ ਖੇਤੀ ਆਰਡੀਨੈਂਸ ਲੈ ਕੇ ਆਈ ਸੀ ਤਾਂ ਇਸ ਨੂੰ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਦੀ ਸਪੱਸ਼ਟ ਪ੍ਰਵਾਨਗੀ ਸੀ। ਜਦੋਂ ਉਨ੍ਹਾਂ ਨੇ ਇਸ ਮਸਲੇ 'ਤੇ ਤੁਰੰਤ ਸਰਬ ਪਾਰਟੀ ਮੀਟਿੰਗ ਸੱਦੀ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕੱਚਾ-ਪੱਕਾ ਜਿਹਾ ਸਟੈਂਡ ਲਿਆ ਅਤੇ ਇੱਥੋਂ ਤੱਕ ਕਿ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲੇ। ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਸਗੋਂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਰਡੀਨੈਂਸਾਂ ਦਾ ਪੱਖ ਪੂਰਿਆ ਸੀ।
ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸੌੜੀ ਸਿਆਸਤ ਨਾ ਖੇਡਣ ਲਈ ਆਖਿਆ ਕਿਉਂਕਿ ਇਹ ਮਸਲਾ ਸਿਆਸੀ ਨਹੀਂ ਸਗੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਨਾਲ ਵਾਸਤਾ ਰੱਖਦਾ ਹੈ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਪੱਸ਼ਟ ਤੌਰ 'ਤੇ ਕਿਸਾਨ ਦੇ ਹੱਕ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਖੇਤੀ ਕਾਨੂੰਨਾਂ ’ਤੇ ਆਪਣਾ ਪੱਖ ਸਪੱਸ਼ਟ ਕਰਦਿਆ ਕਿਹਾ ਕਿ ਸ਼ੁਰੂਆਤ ’ਚ ਕੇਂਦਰ ਸਰਕਾਰ ਵੱਲੋਂ ਕਾਇਮ ਕੀਤੀ ਕਮੇਟੀ ਦਾ ਪੰਜਾਬ ਮੈਂਬਰ ਨਹੀਂ ਸੀ ਅਤੇ ਉਨ੍ਹਾਂ ਵੱਲੋਂ ਕੇਂਦਰ ਨੂੰ ਪੱਤਰ ਲਿਖਣ ਤੋਂ ਬਾਅਦ ਹੀ ਪੰਜਾਬ ਨੂੰ ਕਮੇਟੀ ਦਾ ਹਿੱਸਾ ਬਣਾਇਆ ਗਿਆ। ਇਸ ਤੋਂ ਬਾਅਦ ਕਮੇਟੀ ਦੀਆਂ ਦੋ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚੋਂ ਇਕ ਮੀਟਿੰਗ ਵਿੱਤ ਨਾਲ ਸਬੰਧਤ ਸੀ ਜਿਸ ਵਿੱਚ ਮਨਪ੍ਰੀਤ ਬਾਦਲ ਨੇ ਸ਼ਿਰਕਤ ਕੀਤੀ ਸੀ ਜਦਕਿ ਦੂਜੀ ਮੀਟਿੰਗ ਵਿੱਚ ਸਿਰਫ਼ ਅਫਸਰਾਂ ਨੂੰ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਨਾਲ ਇਕ ਖਰੜਾ ਸਾਂਝਾ ਕੀਤਾ ਗਿਆ ਜਿਸ ਵਿੱਚ ਇਨ੍ਹਾਂ ਕਾਨੂੰਨਾਂ ਦਾ ਕੋਈ ਜ਼ਿਕਰ ਨਹੀਂ ਸੀ।
ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਵੀ ਮਦਦ ਕੀਤੀ ਜਾਵੇਗੀ।
ਅੰਤ ’ਚ ਕਿਸਾਨਾਂ ਨੂੰ ਆਪਣਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਪਰਿਵਾਰਕ ਜੀਆਂ ਲਈ ਕਿਸੇ ਤਰ੍ਹਾਂ ਦੀ ਹੰਗਾਮੀ ਮਦਦ ਵਾਸਤੇ 1091 ਹੈਲਪਲਾਈਨ ਜਾਂ 112 ਪੁਲੀਸ ਹੈਲਪਲਾਈਨ 'ਤੇ ਕਾਲ ਕਰਨ ਲਈ ਆਖਿਆ। ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ 22 ਕਿਸਾਨਾਂ ਦੇ ਫੌਤ ਹੋ ਜਾਣ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਮਸਲਾ ਛੇਤੀ ਸੁਲਝਾਇਆ ਜਾਵੇ।