ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਚਲਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿੱਪ ਨੇ ਚੰਨੀ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।
ਚੱਢਾ ਨੇ ਕਾਂਗਰਸ ਦੀ ਸਿਖਰਲੀ ਲੀਡਰਸ਼ਿੱਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫ਼ੀਆ ਨਾਲ ਜੁੜੇ ਹੋਏ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ ? ਮੁੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੇ ਛਾਪੇ 'ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ 'ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ ? ਉਨ੍ਹਾਂ ਸਵਾਲ ਉਠਾਇਆ ਕਿ ਕੀ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ, ਇਸੀ ਕਰਕੇ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਚੰਨੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ ?
ਚੱਢਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਤਕਾਲੀ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਲਿਖ਼ਤੀ ਤੌਰ 'ਤੇ ਸ਼ਿਕਾਇਤ ਕੀਤੀ ਸੀ ਪਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਰੇਤ ਮਾਫ਼ੀਆ ਲਈ ਚੰਨੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਇਸਦਾ ਇਨਾਮ ਦੇਕੇ ਮੁੱਖ ਮੰਤਰੀ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਿਖਰਲੀ ਲੀਡਰਸ਼ਿੱਪ ਪੰਜਾਬ ਵਿੱਚ ਹੋ ਰਹੇ ਰੇਤ ਮਾਫ਼ੀਆ, ਡਰੱਗ ਮਾਫ਼ੀਆ ਅਤੇ ਹੋਰ ਮਾਫ਼ੀਆ ਦੀ ਚਿੰਤਾ ਹੁੰਦੀ ਤਾਂ ਉਹ ਰੇਤ ਮਾਫ਼ੀਆ ਨੂੰ ਚਲਾਉਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਕਦੇ ਵੀ ਪੰਜਾਬ ਦਾ ਮੁੱਖ ਮੰਤਰੀ ਨਾ ਬਣਾਉਂਦੀ।