ਚੰਡੀਗੜ੍ਹ: ਕੋਵਿਡ ਦੇ ਫੈਲਾਅ ਅਤੇ ਮੌਤਾਂ ਦੀ ਦਰ ਵਧਣ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥਰੈਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਅਤੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਪਲਾਜ਼ਮਾ ਖ਼ਰੀਦਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੈ।
ਮੁੱਖ ਮੰਤਰੀ ਨੇ ਤੰਦਰੁਸਤ ਹੋਏ ਕੋਵਿਡ ਦੇ ਮਰੀਜ਼ਾਂ ਨੂੰ ਹੋਰਨਾਂ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਕੋਵਿਡ ਦੇ ਤਕਰੀਬਨ 10,000 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸੂਬੇ ਵਿੱਚ ਹਰੇਕ ਦੀ ਜ਼ਿੰਦਗੀ ਨੂੰ ਬਚਾਉਣਾ ਹੈ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਅਤੇ ਫ਼ਰੀਦਕੋਟ ਵਿਖੇ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਪਟਿਆਲਾ ਵਿਖੇ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ।
ਸੂਬੇ ਵਿੱਚ ਵੱਧਦੇ ਜਾ ਰਹੇ ਕੋਰੋਨਾ ਮਾਮਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਲਈ 10 ਬੈੱਡ ਸਥਾਪਤ ਹਿੱਤ ਢੁਕਵੀਂ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ।
ਦੱਸਣਯੋਗ ਹੈ ਕਿ ਸੂਬੇ ਵਿੱਚ ਪਲਾਜ਼ਮਾ ਬੈਂਕ ਸਥਾਪਿਤ ਹੋਣ ਮਗਰੋਂ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਿੱਜੀ ਹਸਪਤਾਲਾਂ ਨੂੰ 20 ਹਜ਼ਾਰ ਵਿੱਚ ਪਲਾਜ਼ਮਾ ਵੇਚਿਆ ਜਾਵੇਗਾ। ਜਿਸ ਨੂੰ ਲੈ ਕੇ ਵਿਰੋਧੀਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਸੀ।