ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੈਂਕੜੇ ਖਰੀਦ ਕੇਂਦਰਾ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਕੇ ਕਿਸਾਨਾਂ ਲਈ ਅਚਾਨਕ ਵੱਡੀ ਬਿਪਤਾ ਪੈਦਾ ਕਰਨ ਲਈ ਸਰਕਾਰ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਜਾਰੀ 1 ਬਿਆਨ ਵਿੱਚ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ 'ਤੇ ਪੰਜਾਬ ਸਰਕਾਰ ਨੇ ਸੰਘਰਸ਼ ਨੂੰ ਖ਼ਤਮ ਕਰਾਉਣ ਲਈ ਦਬਾਅ ਬਣਾਉਣ ਦੇ ਇਰਾਦੇ ਨਾਲ ਇਹ ਕਦਮ ਚੁੱਕਿਆ ਹੈ।
ਹੇਅਰ ਨੇ ਕਿਹਾ ਕਿ ਦਿਨ ਰਾਤ 1 ਕਰਕੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਪਹਿਲਾਂ ਸਰਕਾਰੀ ਅਧਿਕਾਰੀਆਂ ਨੇ ਖ਼ਰੀਦ ਦੇ ਮਾਪਦੰਡ 'ਤੇ ਉੱਤਰਦੀ ਫ਼ਸਲ ਨੂੰ ਵੀ ਸਮੇਂ ਸਿਰ ਨਹੀਂ ਖਰੀਦਿਆਂ ਅਤੇ ਹੁਣ ਜਦੋਂ ਵੱਡੀ ਪੱਧਰ 'ਤੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਈ ਹੈ ਤਾਂ ਅਚਾਨਕ ਸਰਕਾਰ ਨੇ ਇਹ ਤੁਗ਼ਲਕੀ ਫ਼ਰਮਾਨ ਜਾਰੀ ਕਰ ਦਿੱਤਾ। ਆਪ ਆਗੂ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 30 ਨਵੰਬਰ ਨਿਸ਼ਚਿਤ ਕੀਤੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਸ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ, ਪਰ ਜਦੋਂ ਵੀ ਇਨ੍ਹਾਂ ਦੀ ਸਰਕਾਰ ਵੱਲੋਂ ਹੁਕਮ ਜਾਰੀ ਹੁੰਦੇ ਹਨ ਤਾਂ ਲੋਕ ਵਿਰੋਧੀ ਹੋਣ ਦੀ ਅਸਲੀਅਤ ਸਾਹਮਣੇ ਆ ਜਾਂਦੀ ਹੈ।
ਆਗੂ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੀ ਥਾਂ ਹਰ ਤਰ੍ਹਾਂ ਦੇ ਮਾਫ਼ੀਆ ਲਈ ਕੰਮ ਕਰਦੀ ਹੈ। ਇਹ ਕਦਮ ਵੀ ਸਰਕਾਰ ਵੱਲੋਂ ਖ਼ਰੀਦੋ ਫ਼ਰੋਖ਼ਤ ਕਰਨ ਵਾਲੇ ਝੋਨਾ ਮਾਫ਼ੀਏ ਲਈ ਚੁੱਕਿਆ ਗਿਆ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਕਡਾਊਨ ਦੀ ਆੜ ਵਿੱਚ ਬਾਹਰੀ ਸੂਬਿਆਂ ਤੋਂ ਆਇਆ ਝੋਨਾ ਤਾਂ ਪਹਿਲ ਦੇ ਆਧਾਰ 'ਤੇ ਖ਼ਰੀਦ ਲਿਆ, ਪਰ ਪੰਜਾਬ ਦਾ ਕਿਸਾਨ ਝੋਨਾ ਲੈ ਕੇ ਮੰਡੀਆਂ ਵਿੱਚ ਰੁਲ ਰਿਹਾ ਹੈ।