ਸ੍ਰੀ ਫ਼ਤਿਹਗੜ੍ਹ ਸਾਹਿਬ: ਲੌਕਡਾਊਨ ਦੇ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਬਿਜਾਈ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਦੇ ਚਲਦੇ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤ ਗਏ ਹਨ। ਜਿਸ ਕਾਰਨ ਲੇਬਰ ਨਾ ਮਿਲਣ ਕਾਰਨ ਸੂਬੇ ਦੇ ਕਿਸਾਨ ਬੇਹਦ ਪਰੇਸ਼ਾਨ ਹਨ।
ਲੌਕਡਾਊਨ 'ਚ ਸੁੱਤੀ ਸਰਕਾਰ, ਝੋਨੇ ਦੀ ਸਿੱਧੀ ਬਿਜਾਈ ਲਈ ਅੰਨਦਾਤਾ ਪਰੇਸ਼ਾਨ - ਲੌਕਡਾਊਨ
ਕੋਰੋਨਾ ਵਾਇਰਸ ਦੇ ਕਾਰਨ ਦੇਸ਼ 'ਚ ਲੌਕਡਾਊਨ ਚੱਲ ਰਿਹਾ ਹੈ। ਇਸ ਦੌਰਾਨ ਝੋਨੇ ਦੀ ਬਿਜਾਈ ਲਈ ਮਸ਼ੀਨਾਂ ਤੇ ਲੇਬਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਲੇਬਰ ਤੇ ਮਸ਼ੀਨਾਂ ਉਪਲੱਬਧ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਬਾਰੇ ਈਟੀਵੀ ਭਾਰਤ ਨਾਲ ਆਪਣੀ ਮੁਸ਼ਕਲਾਂ ਸਾਂਝੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕਰਫਿਊ ਤੇ ਲੌਕਡਾਊਨ ਦੇ ਚਲਦੇ ਪਹਿਲਾਂ ਹੀ ਝੋਨੇ ਦੀ ਬਿਜਾਈ 'ਚ ਦੇਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਆਪੋ-ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ। ਜਿਸ ਕਾਰਨ ਉਨ੍ਹਾਂ ਨੂੰ ਖੇਤਾਂ 'ਚ ਕੰਮ ਕਰਨ ਲਈ ਲੇਬਰ ਨਹੀਂ ਮਿਲ ਰਹੇ। ਦੂਜੇ ਪਾਸੇ ਜਿੱਥੇ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਗਿਆ ਹੈ, ਪਰ ਬਿਜਾਈ ਕਰਨ ਦੇ ਲਈ ਮਸ਼ੀਨਾਂ ਵੀ ਸਮੇਂ ਤੇ ਉਪਲੱਬਧ ਨਹੀਂ ਹੋ ਰਹੀਆਂ ਜਿਸ ਦੇ ਕਾਰਨ ਝੋਨਾ ਦੇਰੀ ਨਾਲ ਲੱਗ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਝੋਨੇ ਦੀ ਬਿਜਾਈ ਦੇਰੀ ਨਾਲ ਹੋਵੇਗੀ ਤਾਂ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਉਨ੍ਹਾਂ ਨੂੰ ਕੀ ਫਾਇਦਾ ਹੋਵੇਗਾ ਇਹ ਫਸਲ ਆਉਣ ਮਗਰੋਂ ਹੀ ਪਤਾ ਲੱਗ ਸਕੇਗਾ।
ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਅੱਠ ਤੋਂ ਦੱਸ ਘੰਟਿਆਂ ਤੱਕ ਬਿਜਲੀ ਦੀ ਸਪਲਾਈ ਦੇਣ ਤੇ ਬਿਜਾਈ ਲਈ ਸਮੇਂ ਸਿਰ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਸਮੇਂ ਸਿਰ ਝੋਨੇ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਮਦਦ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੀ ਆਰਥਿਕ ਹਾਲਤ 'ਚ ਸੁਧਾਰ ਲਿਆਂਦਾ ਜਾ ਸਕੇ। ਕਿਸਾਨਾਂ ਨੇ ਆਖਿਆ ਕਿ ਮਨਰੇਗਾ ਸਕੀਮ ਤਹਿਤ ਲੋੜਵੰਦਾਂ ਨੂੰ ਫਸਲਾਂ ਦੀ ਬਿਜਾਈ ਦਾ ਕੰਮ ਦੇਣਾ ਚਾਹੀਦਾ ਹੈ। ਇਸ ਨਾਲ ਲੋੜਵੰਦ ਲੋਕਾਂ ਨੂੰ ਲਾਭ ਮਿਲੇਗਾ ਅਤੇ ਕਿਸਾਨ ਨੂੰ ਵੀ ਫਸਲ ਲਗਾਉਣ ਦੇ ਵਿੱਚ ਕੋਈ ਮੁਸ਼ਕਲ ਨਹੀਂ ਹੋਵੇਗੀ।