ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ 'ਤੇ ਹਨ। ਹਰ ਦਿਨ ਇਨ੍ਹਾਂ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਜਾਂ ਰਹੀਆਂ ਹਨ। ਇਸੇ ਤਹਿਤ ਹੀ ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਫ਼ਤਿਹਗੜ੍ਹ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਮੁਲਾਜ਼ਮ ਤੇ ਲੋਕ ਵਿਰੋਧੀ ਰਿਪੋਰਟ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੀ ਆੜ ਹੇਠ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਜਬਰੀ ਘਰਾਂ ਅੰਦਰ ਕੈਦ ਕਰਕੇ ਸੂਬੇ ਦੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਸਰਮਾਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ।