ਗੁਰਦਾਸਪੁਰ :ਗੁਰਦਾਸਪੁਰ ਵਿੱਚ ਅੱਜ ਕਰਵਾਏ ਜਾ ਰਹੇ ਰਾਜ ਪੱਧਰੀ ਕ੍ਰਿਸਮਿਸ ਸਮਾਗਮ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Gurdaspur Chief Minister Channi) ਪਹੁੰਚ ਰਹੇ ਸਨ, ਇਸ ਮੌਕੇ 'ਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਮੁੱਖ ਮੰਤਰੀ ਵਿਰੋਧ ਕੀਤਾ।
ਉਨ੍ਹਾਂ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਜਿਸ ਕਰਕੇ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ।
ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਕੱਚੇ ਕਾਮਿਆਂ ਨੇ ਕਿਹਾ ਕਿ ਉਹ ਹੁਣ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਈ ਵਾਰ ਆਪਣਾ ਮੰਗ ਪੱਤਰ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਭਾਗ ਵਿਚ ਪੱਕਿਆਂ ਨਹੀਂ ਕੀਤਾ ਜਾ ਰਿਹਾ।