ਗੁਰਦਾਸਪੁਰ: ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਦੌਰਾਨ ਸਰਕਾਰੀ ਤੇ ਨਿੱਜੀ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਨੇ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਲਗਾਤਾਰ ਡਿਊਟੀ ਨਿਭਾਈ।
ਸਿਹਤ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਤ ਮੰਗਲਵਾਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਬਰੋਲ ਮੈਡੀਕਲ ਸੈਂਟਰ ਪੁੱਜੇ। ਇਥੇ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਤੇ ਡਾਕਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਦੌਰਾਨ ਅਬਰੋਲ ਮੈਡੀਕਲ ਸੈਂਟਰ 'ਚ ਨਵਾਂ ਐਮਰਜੈਂਸੀ ਵਾਰਡ ਸ਼ੁਰੂ ਕੀਤਾ ਗਿਆ ਹੈ।
ਇਸ ਮੌਕੇ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਇਨ੍ਹਾਂ ਕੋਰੋਨਾ ਵਾਰੀਅਰਜ਼ ਨੇ ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਆਪਣੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾਕਟਰਾਂ ਤੇ ਹਸਪਤਾਲ ਦੇ ਕਰਮਚਾਰੀਆਂ ਨੇ ਮੁਸ਼ਕਲ ਸਮੇਂ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦਾ ਪੂਰਾ ਸਾਥ ਦਿੱਤਾ ਹੈ। ਇਸ ਲਈ ਇਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਨ੍ਹਾਂ ਕੋਰੋਨਾ ਵਾਰੀਅਰਜ਼ ਨੂੰ ਧੰਨਵਾਦ ਕਰਨਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਨੇ ਕੋਰੋਨਾ ਮਰੀਜ਼ਾਂ ਦਾ ਚੰਗੇ ਢੰਗ ਨਾਲ ਖਿਆਲ ਰੱਖਿਆ ਤੇ ਉਨ੍ਹਾਂ ਨੂੰ ਮੁੜ ਸਿਹਤਮੰਦ ਹੋਣ 'ਚ ਮਦਦ ਕੀਤਾ ਹੈ।
ਇਸ ਮੌਕੇ ਅਬਰੋਲ ਮੈਡੀਕਲ ਹਸਪਤਾਲ ਦੇ ਚੇਅਰਮੈਨ ਡਾ. ਅਜੈ ਅਬਰੋਲ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦਾ ਧੰਨਵਾਦ ਕੀਤਾ। ਉਨ੍ਹਾਂ ਹਸਪਤਾਲ ਦੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵੇਂ ਸ਼ੁਰੂ ਕੀਤੇ ਗਏ ਐਮਰਜੈਂਸੀ ਵਾਰਡ ਬਾਰੇ ਜਾਣਕਾਰੀ ਦਿੱਤੀ।