ਗੁਰਦਾਸਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਥਾਵਾਂ ਉੱਤੇ ਮਾਸਕ ਪਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਤਹਿਤ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਸ਼ਹਿਰ ਵਾਸੀਆਂ ਲਈ ਮਾਸਕ ਪਾਉਣੇ ਲਾਜ਼ਮੀ ਕਰ ਦਿੱਤੇ ਹਨ। ਮਾਸਕ ਨਾ ਪਾਉਣ ਵਾਲਿਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਾਸਕ ਨਾ ਪਾਇਆ ਤਾਂ ਜਾਣਾ ਪੈ ਸਕਦਾ ਹੈ ਜੇਲ੍ਹ : ਡੀਸੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਥਾਵਾਂ ਉੱਤੇ ਮਾਸਕ ਪਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਜਿਹ ਸੂਬੇ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਵਧ ਰਹੀ ਗਿਣਤੀ ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ। ਇਸ ਤਹਿਤ ਗੁਰਦਾਸਪੁਰ ਦੀ ਡਿਪਟੀ ਕਮਿਸ਼ਨਰ ਵੱਲੋਂ ਵੀ ਸ਼ਹਿਰ ਵਾਸੀਆਂ ਲਈ ਮਾਸਕ ਪਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ।
ਇਸ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਅਜਿਹੇ ਆਦੇਸ਼ ਜਾਰੀ ਕੀਤੇ ਗਏ ਸਨ, ਪਰ ਵਰਤੋਂ ਲਈ ਵਰਤੇ ਜਾਣ ਵਾਲੇ ਮਾਸਕਾਂ ਦੀ ਕਿਸਮ ਨਾ ਪਤਾ ਹੋਣ ਦੇ ਚਲਦੇ ਇਸ ਆਦੇਸ਼ ਨੂੰ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਸ਼ਹਿਰ ਦੇ ਸਾਰੇ ਲੋਕਾਂ ਲਈ ਮਾਸਕ ਦੀ ਵਰਤੋਂ ਨੂੰ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਘਰ 'ਚ ਬਣੇ ਕਪੜੇ ਜਾਂ ਫਿਰ ਬਾਜ਼ਾਰ ਚੋਂ ਖ਼ਰੀਦੇ ਮਾਸਕ ਵੀ ਪਾ ਸਕਦਾ ਹੈ,ਪਰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਮਾਸਕ ਦੀ ਵਰਤੋਂ ਜਾ ਸੋਸ਼ਲ ਡਿਸਟੈਂਸ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਲੰਘਣਾ ਕਰਨ ਵਾਲਿਆ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਓਪਨ ਜੇਲ 'ਚ ਬੰਦ ਕੀਤਾ ਜਾਵੇਗਾ।ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਲੰਗਰ ਵੰਡਣ ਲਈ ਐਸਡੀਐਮ ਜਾਂ ਪ੍ਰਸ਼ਾਸ਼ਨ ਦੀ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ। ਅਜਿਹਾ ਕਰਨ ਪਿਛੇ ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਇੱਕ ਪਿੰਡ 'ਚ ਸਰਪੰਚ ਵੱਲੋਂ ਲੋਕਾਂ ਨੂੰ ਰਾਸ਼ਨ, ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ ਸਨ। ਬਾਅਦ 'ਚ ਉਹ ਖ਼ੁਦ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਤੇ ਉਸ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਸੰਕਰਮਣ ਦਾ ਖ਼ਤਰਾ ਹੈ।