ਬਟਾਲਾ: ਸਿੱਖ ਧਰਮ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਹਰ ਸਾਲ ਬਟਾਲਾ ਚ ਪੂਰੀ ਸ਼ਰਧਾ ਅਤੇ ਧਾਰਮਿਕ ਆਸਥਾ ਨਾਲ ਮਨਾਇਆ ਜਾਂਦਾ ਹੈ। ਇਸ ਵਾਰ 13 ਸਤੰਬਰ ਨੂੰ ਵਿਆਹ ਪੁਰਬ ਨੂੰ ਲੈਕੇ ਬਟਾਲਾ ਸ਼ਹਿਰ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਚੱਲ ਰਹੀਆਂ ਤਿਆਰੀਆਂ ਅਤੇ ਸਜਾਵਟ ਖਿੱਚ ਦਾ ਕੇਂਦਰ ਬਣ ਰਹੀਆਂ ਹਨ।
ਦੱਸ ਦਦਈਏ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਚੱਲਦੇ ਵਿਆਹ ਪੁਰਬ 'ਚ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਨਗਰ ਕੀਰਤਨ ਵੀ ਨਹੀਂ ਸਾਜਿਆ ਗਿਆ ਸੀ ਅਤੇ ਜੋ ਧਾਰਮਿਕ ਵੱਡੇ ਸਮਾਗਮ ਹਰ ਸਾਲ ਹੁੰਦੇ ਸਨ, ਉਹ ਵੀ ਸੀਮਤ ਤੌਰ 'ਤੇ ਹੀ ਹੋਏ ਸਨ। ਕੋਰੋਨਾ ਕੇਸਾਂ ਤੋਂ ਕੁਝ ਰਾਹਤ ਮਿਲਣ ਕਾਰਨ ਪ੍ਰਸ਼ਾਸਨ ਵਲੋਂ ਵੀ ਢਿੱਲ ਦਿੱਤੀ ਗਈ ਹੈ, ਜਿਸ ਕਾਰਨ ਇਸ ਵਾਰ ਇਹ ਵਿਆਹ ਪੁਰਬ ਪਹਿਲਾਂ ਦੀ ਤਰ੍ਹਾਂ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।
ਇਸ ਸਬੰਧੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਇਸ ਸਮਾਗਮ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵੱਡਾ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।