ਗੁਰਦਾਸਪੁਰ:ਜ਼ਿਲ੍ਹੇ ਦੇ ਪਿੰਡ ਸੈਨਪੂਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਨੇ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਬਾਹਰ ਆਕੇ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ, ਕਿਉਂਕਿ ਉਸਦੀ ਪ੍ਰੇਮਿਕਾ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਲਈ ਗੁੱਸੇ ਵਿੱਚ ਆਏ ਨੌਜਵਾਨ ਨੇ ਆਪਣੇ ਇੱਕ ਦੋਸਤ ਨਾਲ ਮਿਲ ਕੇ ਲੜਕੀ ਦੇ ਘਰ ਵਿਚ ਦਾਖਲ ਹੋਇਆ ਅਤੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੀ ਭੈਣ ਰਜਨੀ ਬਾਲਾ ਨੇ ਦੱਸਿਆ ਕਿ ਉਸਦੇ ਜੀਜੇ ਦੇ ਭਰਾ ਰਾਹੁਲ ਦੀ ਉਸ ਦੀ ਭੈਣ ਪੂਜਾ ਨਾਲ ਸਬੰਧ ਸਨ, ਪਰ ਰਾਹੁਲ ਇੱਕ ਕ੍ਰਿਮੀਨਲ ਲੜਕਾ ਸੀ। ਜਿਸ ਉੱਤੇ 307 ਦਾ ਅਪਰਾਧਿਕ ਮਾਮਲਾ ਦਰਜ ਹੋਣ ਕਰਕੇ ਇਹ ਜੇਲ੍ਹ ਵਿੱਚ ਚਲਾ ਗਿਆ ਅਤੇ ਕੁੱਝ ਦਿਨ ਪਹਿਲਾਂ ਹੀ ਇਹ ਜੇਲ੍ਹ ਵਿੱਚੋਂ ਜ਼ਮਾਨਤ ਉੱਤੇ ਬਾਹਰ ਆਇਆ ਸੀ ਅਤੇ ਉਸਦੀ ਭੈਣ ਨੂੰ ਵਿਆਹ ਲਈ ਮਜਬੂਰ ਕਰ ਰਿਹਾ ਸੀ ਜਦੋਂ ਉਸ ਨੇ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਤਾਂ ਇਸ ਨੇ ਆਪਣੇ ਇੱਕ ਦੋਸਤ ਨਾਲ ਮਿਲ ਕੇ ਘਰ ਵਿੱਚ ਦਾਖ਼ਲ ਹੋ ਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਇਸ ਵਿਅਕਤੀ ਦੇ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।