ਗੜ੍ਹਸ਼ੰਕਰ : ਬਸਪਾ ਦੀ ਹਾਈਕਮਾਨ ਵੱਲੋਂ ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੂੰ ਪਾਰਟੀ ਤੋਂ ਹਟਾ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਉਨ੍ਹਾਂ ਮੀਟਿੰਗ ਕਰਕੇ ਹਾਈਕਮਾਨ ਤੋਂ ਰਛਪਾਲ ਸਿੰਘ ਰਾਜੂ ਨੂੰ ਪਾਰਟੀ 'ਚ ਮੁੜ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਕਿਹਾ ਕਿ ਉਨ੍ਹਾਂ ਨੂੰ ਵਟਸਐਪ 'ਤੇ ਪੰਜਾਬ ਬਸਪਾ ਦੇ ਮੌਜੂਦਾ ਪ੍ਰਧਾਨ ਜਸਵੀਰ ਗੜ੍ਹੀ ਦਾ ਮੈਸੇਜ ਆਇਆ ਸੀ ਕਿ ਉਨ੍ਹਾਂ ਨੂੰ ਪਾਰਟੀ ਤੋਂ ਹਟਾ ਦਿੱਤਾ ਗਿਆ ਹੈ। ਰਸ਼ਪਾਲ ਸਿੰਘ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਤੋਂ ਬਾਅਦ ਹਲਕਾ ਗੜ੍ਹਸ਼ੰਕਰ ਵਿੱਚ ਬਸਪਾ ਦੇ ਪਾਰਟੀ ਵਰਕਰਾਂ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਉਨ੍ਹਾਂ ਮੰਗ ਰੱਖੀ ਸੀ ਕਿ ਗੜ੍ਹਸ਼ੰਕਰ ਦੀ ਸੀਟ ਬਸਪਾ ਨੂੰ ਦਿੱਤੀ ਜਾਵੇ, ਕਿਉਂਕਿ ਬਸਪਾ ਇਥੋਂ ਦੋ ਵਾਰ ਜਿੱਤ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਇਸ ਮੰਗ ਨੂੰ ਹਾਈਕਮਾਨ ਤੱਕ ਵੀ ਪਹੁੰਚਾਇਆ।