ਹੁਸ਼ਿਆਰਪੁਰ : ਸ਼ਹਿਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 233 ਸ਼ੱਕੀ ਮਰੀਜ਼ਾਂ ਦੀ ਜਾਂਚ ਹੋ ਚੁੱਕੀ ਹੈ ਜਿਨ੍ਹਾਂ ਚੋਂ 6 ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਵੱਲੋਂ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮਓ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਾਰੇ ਹੀ ਪਿੰਡਾਂ 'ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾਕਟਰੀ ਟੀਮ ਲਗਾਤਾਰ ਲੋਕਾਂ ਦੀ ਜਾਂਚ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 233 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਚੋਂ ਅਜੇ ਤੱਕ 206 ਦੀ ਰਿਪੋਰਟ ਆ ਚੁੱਕੀ ਹੈ ਤੇ 21 ਦੀ ਰਿਪੋਰਟ ਆਉਣੀ ਬਾਕੀ ਹੈ। ਰਿਪੋਰਟ ਮੁਤਾਬਕ 6 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਤੇ ਇਨ੍ਹਾਂ ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੈਸਰਾ ਦੇ ਹਰਜਿੰਦਰ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਚਾਰ ਲੋਕਾਂ ਦੇ ਵੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ 1 ਸੈਂਪਲ ਪੁਲਿਸ ਲਾਈਨ ਹੁਸ਼ਿਆਰਪੁਰ ਅਤੇ ਦੂਜਾ ਮਹਿਗਰੋਵਾਲ ਤੋਂ ਲਿਆ ਹੈ, ਪਰ ਇਨ੍ਹਾਂ ਮਰੀਜ਼ਾਂ 'ਚ ਕਿਸੇ ਤਰ੍ਹਾਂ ਦੇ ਕੋਈ ਲੱਛਣ ਨਹੀਂ ਪਾਏ ਗਏ।
ਹੋਰ ਪੜ੍ਹੋ : ਪਠਲਾਵਾ ਦੇ ਸਰਪੰਚ ਸਮੇਤ ਕੁੱਲ 8 ਸੈਂਪਲ ਨੈਗੇਟਿਵ, ਬਲਦੇਵ ਦੇ ਪੋਤੇ ਨੇ ਵੀ ਕੋਰੋਨਾ ਨੂੰ ਦਿੱਤੀ ਮਾਤ
ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਸ਼ੱਕੀ ਮਰੀਜ਼ਾਂ 'ਚ 3 ਲੋਕ ਦਿੱਲੀ ਦੇ ਨਿਜ਼ਾਮੂਦੀਨ ਜਮਾਤ 'ਚ ਸ਼ਾਮਲ ਹੋਏ ਸਨ। ਇਸ ਸਬੰਧੀ ਐੱਸਐੱਸਪੀ ਹੁਸ਼ਿਆਰਪੁਰ ਨੂੰ ਪੱਤਰ ਲਿੱਖ ਕੇ ਜਾਣਕਾਰੀ ਮੰਗੀ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।