ਹੁਸ਼ਿਆਰਪੁਰ: ਜ਼ਿਲ੍ਹੇ ਦੇ ਗੜ੍ਹਦੀਵਾਲ ਖੇਤਰ ਦੇ ਪਿੰਡ ਖਿਆਲਾ ਬੁਲੰਦਾ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਰਿਤਿਕ ਦੀ ਮੌਤ ਹੋ ਗਈ ਸੀ। ਜਿਸ ਨੂੰ ਅੱਜ ਨਮ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨਾਇਬ ਤਹਿਸੀਲਦਾਰ ਟਾਂਡਾ ਅਤੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਭੇਂਟ ਕੀਤਾ ਗਿਆ ਅਤੇ ਰਿਤਿਕ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਦੂਜੇ ਪਾਸੇ ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਅਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਹੁਣ ਤਕ ਸਾਡੇ ਦੇਸ਼ ਅਤੇ ਸੂਬੇ ਚ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਅੱਜ ਤਕ ਨਾ ਤਾਂ ਪ੍ਰਸ਼ਾਸਨ ਨੇ ਹੀ ਕੋਈ ਤਕਨੀਕ ਲਿਆਂਦੀ ਅਤੇ ਨਾ ਹੀ ਸਰਕਾਰ ਨੇ ਜੋ ਕਿ ਸਭ ਤੋਂ ਵੱਡੀ ਦੋਹਾਂ ਦੀ ਨਾਕਾਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਧੀਆਂ ਤਕਨੀਕ ਹੁੰਦੀ ਤਾਂ ਅੱਜ ਰਿਤਿਕ ਅਤੇ ਫਤਿਹਵੀਰ ਵੀ ਸਾਡੇ ਵਿਚਕਾਰ ਮੌਜੂਦ ਹੁੰਦੇ।
ਇਸ ਮੌਕੇ ਜਸਵੀਰ ਰਾਜਾ ਨੇ ਕਿਹਾ ਕਿ ਜਿਨ੍ਹਾਂ ਵੀ ਵਿਅਕਤੀਆਂ ਵੱਲੋਂ ਬੋਰਵੈੱਲ ਦੇ ਮੂੰਹ ਖੁੱਲ੍ਹੇ ਰੱਖੇ ਹੋਏ ਹਨ ਜਾਂ ਉਨ੍ਹਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਨਾਲ ਨਿਗਰਾਨੀ ਰੱਖਣ ਤੇ ਮੁਰੰਮਤ ਹੋਣ ਤੋਂ ਬਾਅਦ ਪੱਕੇ ਤੌਰ ਤੇ ਬੋਰਵੈੱਲ ਦੇ ਮੂੰਹ ਬੰਦ ਕੀਤੇ ਜਾਣ ਤਾਂ ਜੋ ਭਵਿੱਖ ਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।