ਹੁਸ਼ਿਆਰਪੁਰ: ਪੰਜਾਬ 'ਚ ਮੁੜ ਤੋਂ ਕੋਰੋਨਾ ਵਾਇਰਸ ਨੇ ਦਸਤਕ ਦਿੱਤੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 628 ਨਵੇਂ ਮਾਮਲੇ ਹਨ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਬਚਾਅ ਲਈ ਜਾਰੀ ਕੋਰੋਨਾ ਹਦਾਇਤਾਂ ਮੰਨਣ ਦੀ ਅਪੀਲ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਦੇ ਮੁਲਾਜ਼ਮ ਹੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦੇ ਨਜ਼ਰ ਆਏ।
ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ। ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਘੰਟਾ ਘਰ ਵਿਖੇ ਦੋ ਬੱਚੇ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਇਸ ਮਗਰੋਂ ਸਿਹਤ ਵਿਭਾਗ ਦੀ ਵੱਖ-ਵੱਖ ਟੀਮਾਂ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ।
ਵਿਦਿਆਰਥੀਆਂ ਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਦੌਰਾਨ ਸਿਹਤ ਮੁਲਾਜ਼ਮ ਬਿਨਾਂ ਮਾਸਕ ਪਾਏ ਹੀ ਕੋਰੋਨਾ ਟੈਸਟ ਕਰਦੇ ਨਜ਼ਰ ਆਏ। ਇਸ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਵੀ ਕੀਤੀ ਗਈ। ਇਸ ਨਾਲ ਸਹਿਜ਼ੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਇਸ ਮਹਾਂਮਾਰੀ ਨੂੰ ਲੈ ਕੇ ਖ਼ੁਦ ਕਿੰਨੇ ਕੁ ਗੰਭੀਰ ਹਨ।