ਹੁਸ਼ਿਆਰਪੁਰ: ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ 'ਤੇ ਪੰਜਾਬ 'ਚ ਮੁੜ ਸਿਆਸੀ ਜੰਗ ਛਿੜ ਗਈ ਹੈ। ਵਿਰੋਧੀ ਪੱਖ ਦੇ ਵੱਖ-ਵੱਖ ਆਗੂਆਂ ਵੱਲੋਂ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਵੀ ਇਸ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਖਿਆ ਬੀਬੀ ਬਾਦਲ ਦੇ ਅਸਤੀਫ਼ਾ ਦੇਣ ਨਾਲ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਵਾਲਿਆਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਤੇ ਸੁਖਬੀਰ ਬਾਦਲ ਵੱਲੋਂ ਪਹਿਲਾਂ ਕੇਂਦਰੀ ਸਰਕਾਰ ਦੇ ਕਾਲੇ ਖੇਤੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਜਾ ਰਿਹਾ ਸੀ। ਜਦੋਂ ਪੰਜਾਬ ਦੇ ਕਿਸਾਨਾਂ ਤੇ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪਰਕਾਸ਼ ਸਿੰਘ ਬਾਦਲ ਨੇ ਫੇਸਬੁੱਕ 'ਤੇ ਵੀਡੀਓ ਜਾਰੀ ਕੀਤੀ। ਸਾਬਕਾ ਸੀਐਮ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਨੂੰ ਵਿਰੋਧੀ ਧਿਰ ਦੀ ਸਾਜ਼ਿਸ਼ ਦੱਸਿਆ।