ਜਲੰਧਰ: ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸੇਵਾ ਮੁਕਤ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਕਰਨ ਵਾਸਤੇ ਅੱਜ ਮੰਗਲਵਾਰ ਸਥਾਨਕ ਪੰਜਾਬ ਸਟੇਟ ਵਾਰ ਮੈਮੋਰੀਅਲ ਨੇੜੇ ਬੱਸ ਸਟੈਂਡ ਜਲੰਧਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ(Armed Forces Flag Day) ਮਨਾਇਆ ਗਿਆ।
ਇਸ ਮੌਕੇ ਜਿਥੇ ਮੇਜਰ ਜਨਰਲ ਮਨੋਜ ਕੁਮਾਰ, ਸੈਨਾ ਮੈਡਲ, ਵਸ਼ਿਸ਼ਟ ਸੇਵਾ ਮੈਡਲ, ਜਨਰਲ ਆਫਿਸ ਕਮਾਂਡਿੰਗ, ਹੈਡਕੁਆਟਰਜ਼ 91, ਸਬ ਏਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਥੇ ਉਪ ਮੰਡਲ ਮੈਜਿਸਟ੍ਰੇਟ ਬਲਬੀਰ ਰਾਜ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੇ ਜੰਗੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਮੇਜਰ ਜਨਰਲ ਮਨੋਜ ਕੁਮਾਰ ਨੇ ਜੰਗੀ ਯਾਦਗਾਰ 'ਤੇ ਸ਼ਰਧਾ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸਮੁੱਚੇ ਦੇਸ਼ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ ਕੁਦਤਰੀ ਆਫ਼ਤਾਂ ਜਿਵੇਂ ਹੜ੍ਹ, ਭੂਚਾਲ, ਤੂਫਾਨ ਆਦਿ ਵਿੱਚ ਵੀ ਜਾਨ ਦੀ ਬਾਜ਼ੀ ਲਾ ਕੇ ਹਰ ਮੁਸ਼ਕਲ ਨਾਲ ਲੋਹਾ ਲੈਣ ਲਈ ਹਰ ਸਮੇਂ ਤਿਆਰ ਰਹਿਣ ਵਾਲੇ ਸਾਡੇ ਬਹਾਦਰ ਸੈਨਿਕਾਂ ਕਾਰਨ ਦੇਸ਼ ਵਾਸੀ ਆਪਣੇ ਘਰਾਂ ਵਿੱਚ ਚੈਨ ਦੀ ਨੀਂਦ ਸੌਂਦੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਫੌਜੀ ਜਵਾਨਾਂ 'ਤੇ ਮਾਣ ਹੈ। ਇਸ ਮੌਕੇ ਮੁੱਖ ਮਹਿਮਾਨ ਨੇ ਫਲੈਗ ਡੇ ਫੰਡ(Flag Day Fund) ਵਿੱਚੋਂ 42 ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਿਥੇ 3,74000 ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਉਥੇ ਪਿਛਲੇ ਸਾਲ ਦੇ 15 ਯੋਗਦਾਨ ਦੇਣ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਉਪ ਮੰਡਲ ਮੈਜਿਸਟ੍ਰੇਟ ਬਲਬੀਰ ਰਾਜ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਹੱਤਵਪੂਰਣ ਦਿਨ ਸਾਨੂੰ ਹਥਿਆਰਬੰਦ ਸੈਨਾ ਨਾਲ ਆਪਣੀ ਇਕਜੁੱਟਤਾ ਦੁਹਰਾਉਣ ਅਤੇ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦਾ ਮੌਕਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਸੈਨਿਕ ਦੇਸ਼ ਦੀ ਸੇਵਾ ਅਤੇ ਵਰਦੀ ਦੀ ਸ਼ਾਨ ਬਹਾਲ ਰੱਖਣ ਲਈ ਆਪਣੀ ਜ਼ਿੰਦਗੀ ਵਾਰਣ ਲਈ ਹਰ ਸਮੇਂ ਤਿਆਰ ਰਹਿੰਦਾ ਹੈ, ਜੋ ਕਿ ਸਾਡੇ ਸਾਰਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਤੇ ਬਹਾਦਰ ਯੋਧਿਆਂ 'ਤੇ ਫਖ਼ਰ ਕਰਨਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਬਜ਼ੁਰਗ ਜਾਂ ਸੇਵਾਮੁਕਤ ਸਿਪਾਹੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਫਲੈਗ ਡੇ ਫੰਡ(Flag Day Fund) ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਇਹ ਫੰਡ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਰਗੇ ਨੇਕ ਕੰਮ ਲਈ ਵਰਤਿਆ ਜਾਂਦਾ ਹੈ।
ਇਸ ਦੌਰਾਨ ਕਰਨਲ ਦਲਵਿੰਦਰ ਸਿੰਘ, ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਸ਼ਹੀਦਾਂ ਅਤੇ ਸੈਨਿਕਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਇਸ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਰੋਹ ਦੀ ਸ਼ੁਰੂਆਤ ਵਿੱਚ ਦੇਸ਼ ਦੀ ਖਾਤਰ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਗੌਰਮਿੰਟ ਕੋ-ਐਜੂਕੇਸ਼ਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ, ਜਲੰਧਰ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਉਪਰੰਤ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ।
ਅਖੀਰ ਵਿੱਚ ਬ੍ਰਿਗੇਡੀਅਰ ਇੰਦਰਜੀਤ ਸਿੰਘ, ਸੈਨਾ ਮੈਡਲ, ਉਪ ਪ੍ਰਧਾਨ ਨੇ ਸਮਾਰੋਹ ਵਿੱਚ ਸ਼ਾਮਿਲ ਹੋਏ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ:ਸਿਹਤ ਕਾਮਿਆਂ ਵੱਲੋਂ ਕੀਤਾ ਗਿਆ ਚੱਕਾ ਜਾਮ