ਜਲੰਧਰ:ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬੋਨਸ ਦਾ ਐਲਾਨ ਕੀਤਾ ਹੈ। ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀ ਭਰਪੂਰ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।
ਇਹ ਵੀ ਪੜੋ:ਕੁਝ ਦਿਨਾਂ 'ਚ ਤਿੰਨ ਗੁਣਾਂ ਵਧੇ ਕੋਰੋਨਾ ਮਾਮਲੇ, ਸਿਆਸੀ ਪਾਰਟੀਆਂ ਕਿੰਨਾ ਸੁਚੇਤ ?
ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਅਗਲੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਉੱਚ ਗੁਣਵੱਤਾ ਵਾਲੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।