ਜਲੰਧਰ: ਜ਼ਿਲ੍ਹੇ ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ-2 ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਕਨੀਕ ਪ੍ਰਤੀ ਕਿਸਾਨਾਂ ਦਾ ਰੁਝਾਨ ਵਧ ਰਿਹਾ ਹੈ। ਪ੍ਰਦਰਸ਼ਨੀ ਪਲਾਂਟ ਰਾਹੀਂ ਝੋਨੇ ਦੀ ਰਵਾਇਤੀ ਢੰਗ ਨਾਲ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪ੍ਰੇਰਨਾ ਮਿਲੇਗੀ ਅਤੇ ਇਸ ਤਰੀਕੇ ਰਾਹੀਂ ਝੋਨੇ ਦੀ ਕਾਸ਼ਤ ਕਰਨ ਨਾਲ ਪਾਣੀ ਦੀ ਬੱਚਤ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਵਿੱਚ ਪਿਛਲੇ ਸਮੇਂ ਦੌਰਾਨ ਸਫਲ ਹੋਏ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਇਸ ਤਰੀਕੇ ’ਤੇ ਵਿਸ਼ੇਸ਼ ਧਿਆਨ ਦੇਣ।
ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਕੀਤਾ ਜਾ ਰਿਹਾ ਪ੍ਰੇਰਿਤ
ਇਸ ਸਬੰਧ ’ਚ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਸਕੀਮ ਅਧੀਨ ਵਿਭਾਗ ਵੱਲੋਂ ਪ੍ਰਤੀ ਏਕੜ ਚਾਰ ਹਜ਼ਾਰ ਰੁਪਏ ਤੱਕ ਦਾ ਖਰਚਾ ਕਰਦੇ ਹੋਏ, ਇਨ੍ਹਾਂ ਪ੍ਰਦਰਸ਼ਨੀ ਪਲਾਟਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਮਨਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ 8 ਕਿਲੋ ਬੀਜ ਨੂੰ 8-12 ਘੰਟੇ ਲਈ ਭਿਉਂਣ ਉਪਰੰਤ ਅਤੇ ਸਿਫਾਰਿਸ਼ਾਂ ਅਨੁਸਾਰ ਸੌਧਣ ਤੋਂ ਬਾਅਦ ਤਕਰੀਬਨ 3-4 ਸੈਂਟੀਮੀਟਰ ਡੂੰਘਾਈ 'ਤੇ ਬਿਜਾਈ ਕੀਤੀ ਜਾ ਸਕਦੀ ਹੈ।